Headlines

ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਮਾਲੇਰਕੋਟਲਾ ਵਿਖੇ ਪ੍ਰਮੋਦ ਸਿੰਗਲਾ ਨਿਯੁਕਤ ਅਬਜ਼ਰਵਰ

ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਪ੍ਰਕਿਰਿਆਯਕੀਨੀ ਬਣਾਉਣਾ ਪਹਿਲੀ ਤਰਜੀਹ : ਪ੍ਰਮੋਦ ਸਿੰਗਲਾ

ਮਾਲੇਰਕੋਟਲਾ, 16 ਮਈ :

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 26 ਮਈ 2026 ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਪ੍ਰਮੋਦ ਸਿੰਘਲਾ, ਪੀ.ਸੀ.ਐਸ. ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ ‘ਤੇ ਨਿਗਰਾਨੀ ਰੱਖਦਿਆਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣਾ ਹੈ।

ਅਬਜ਼ਰਵਰ ਪ੍ਰਮੋਦ ਸਿੰਘਲਾ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨਾਲ ਮੁਲਾਕਾਤ ਕਰਕੇ ਚੋਣਾਂ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਦਿੱਤੀ ਕਿ ਸਮੁੱਚੀ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਮੁਕੰਮਲ ਕੀਤੀ ਜਾਵੇ।

ਸਿੰਘਲਾ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਅਹਿਮ ਹਿੱਸਾ ਹਨ ਅਤੇ ਹਰ ਵੋਟਰ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੇ ਮਤਾਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਅਤੇ ਚੋਣ ਪ੍ਰਕਿਰਿਆ ਦੌਰਾਨ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ, ਉਮੀਦਵਾਰ ਜਾਂ ਆਮ ਨਾਗਰਿਕ ਚੋਣਾਂ ਸਬੰਧੀ ਕੋਈ ਸ਼ਿਕਾਇਤ, ਸੁਝਾਅ ਜਾਂ ਜਾਣਕਾਰੀ ਸਾਂਝੀ ਕਰਨਾ ਚਾਹੁੰਦਾ ਹੈ ਤਾਂ ਉਹ ਸਿੱਧੇ ਤੌਰ ‘ਤੇ ਮੋਬਾਇਲ ਨੰਬਰ 95014-42300 ‘ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਤਾਲਮੇਲ ਅਫਸਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮਾਲੇਰਕੋਟਲਾ ਜਸਮਿੰਦਰ ਸਿੰਘ (94634-63054) ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਕਮਰਾ ਨੰਬਰ 15 ਵਿੱਚ ਕੈਂਪ ਦਫ਼ਤਰ ਸਥਾਪਿਤ ਕੀਤਾ ਗਿਆ ਹੈ, ਜਿੱਥੇ ਆਮ ਲੋਕ ਆਪਣੀਆਂ ਸ਼ਿਕਾਇਤਾਂ ਜਾਂ ਸੁਝਾਅ ਦਰਜ ਕਰਵਾ ਸਕਦੇ ਹਨ।

Leave a Reply

Your email address will not be published. Required fields are marked *