Headlines

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਕਿਸਾਨ ਪੁਲਿਸ ਨੇ ਥਾਣੇ ਡੱਕੇ 

Oplus_16908288

— ਕਿਸਾਨਾਂ ਨੇ ਆਖਿਆ ਸਵਾਲ ਪੁੱਛਣ ਦਾ ਹੱਕ ਖੋਹ ਰਹੀ ਹੈ ਸਰਕਾਰ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਕਿਸਾਨੀ ਮੰਗਾਂ ਅਤੇ ਮਸਲਿਆਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾਂਦੇ ਕਿਸਾਨਾਂ ਨੂੰ ਪੁਲਿਸ ਨੇ ਘੰਟਿਆਂਬੱਧੀ ਚੀਮਾਂ ਥਾਣੇ ਵਿੱਚ ਡੱਕੀ ਰੱਖਿਆ। ਹਿਰਾਸਤ ਚ ਲਏ ਕਿਸਾਨਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ ਸਮੇਤ ਹਿਰਾਸਤ ਵਿੱਚ ਲਏ ਦਰਜਨਾਂ ਕਿਸਾਨਾਂ ਨੇ ਦੱਸਿਆ ਕਿ ਉਹ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਸੀ ਲੇਕਿਨ ਪੁਲਿਸ ਨੇ ਸਖ਼ਤ ਨਾਕਾਬੰਦੀ ਕਰਕੇ ਦਰਜਨਾਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਚੀਮਾਂ ਥਾਣੇ ਵਿੱਚ ਬਿਠਾਈ ਰੱਖਿਆ। ਬੀਕੇਯੂ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ। ਕਿਸਾਨਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸ਼ੰਭੂ ਅਤੇ ਖਨੌਰੀ ਮੋਰਚੇ ਦੌਰਾਨ ਚੋਰੀ ਹੋਈਆਂ ਟਰਾਲੀਆਂ ਦੀ ਭਰਪਾਈ ਨਹੀਂ ਕੀਤੀ ਜਾ ਰਹੀ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਜਾ ਰਿਹਾ। ਕਿਸਾਨ ਆਗੂਆਂ ਨੇ ਆਖਿਆ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਦਾ ਸਿਲਸਿਲਾ ਮੰਗਾਂ ਪੂਰੀਆਂ ਕਰਨ ਤੱਕ ਜਾਰੀ ਰਹੇਗਾ ਲੇਕਿਨ ਮੁੱਖ ਮੰਤਰੀ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਤੀ ਨੀਤੀ ਬਣਾਉਣ ਦਾ ਐਲਾਨ ਕੀਤਾ ਸੀ ਲੇਕਿਨ ਸਾਢੇ ਚਾਰ ਸਾਲ ਬੀਤ ਗਏ ਹਨ ਕੋਈ ਅਮਲ ਸਾਹਮਣੇ ਨਹੀਂ ਆ ਰਿਹਾ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਹੋਏ ਆਰਥਿਕ ਨੁਕਸਾਨ ਦੀ ਪੂਰਤੀ ਕੀਤੀ ਜਾਵੇ।

Leave a Reply

Your email address will not be published. Required fields are marked *