** ਕਿਹਾ ਸ਼ਹਿਰ ਦੇ ਵੋਟਰਾਂ ਵੱਲੋਂ ਮਿਲ ਰਿਹਾ ਭਰਪੂਰ ਹੁੰਗਾਰਾ
** ਸੱਤਪਾਲ ਦੇ ਚੋਣ ਦਫਤਰ ਦਾ ਕੀਤਾ ਉਦਘਾਟਨ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਸੁਨਾਮ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਬੁੱਧਵਾਰ ਦੇਰ ਸ਼ਾਮ ਨੂੰ ਸੁਨਾਮ ਸ਼ਹਿਰ ਦੇ ਵਾਰਡ ਨੰਬਰ ਦਸ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੱਤਪਾਲ ਦੇ ਚੋਣ ਦਫਤਰ ਦਾ ਉਦਘਾਟਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਸੂਬੇ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖ਼ੁਸ਼ ਦਿਖਾਈ ਦੇ ਰਹੀ ਹੈ। ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ । ਉਨ੍ਹਾਂ ਆਖਿਆ ਕਿ ਆਊਟਸੋਰਸ ਪ੍ਰਣਾਲੀ ਰਾਹੀਂ ਸੇਵਾਵਾਂ ਨਿਭਾਅ ਰਹੇ ਸਫ਼ਾਈ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਸੂਬੇ ਦੇ ਸਫ਼ਾਈ ਸੇਵਕ ਪਿਛਲੇ ਪੰਦਰਾਂ ਦਿਨ ਤੋਂ ਹੜਤਾਲ ਤੇ ਬੈਠੇ ਹਨ ਲੇਕਿਨ ਸੂਬੇ ਦੀ ਸਰਕਾਰ ਵੱਲੋਂ ਹਾਂਅ ਪੱਖੀ ਹੁੰਗਾਰਾ ਨਹੀਂ ਭਰਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵਧੇਰੇ ਲੋਕਾਂ ਨੂੰ ਫਾਇਦਾ ਮਿਲ ਰਿਹਾ ਹੈ, ਅਜਿਹੀਆਂ ਯੋਜਨਾਵਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਨ੍ਹਾਂ ਵੋਟਰਾਂ ਨੂੰ ਭਾਜਪਾ ਦੇ ਉਮੀਦਵਾਰ ਸੱਤਪਾਲ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਤਾਕੀਦ ਕੀਤੀ। ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ, ਬਨਾਰਸੀ ਦਾਸ, ਸ਼ੇਰਵਿੰਦਰ ਸਿੰਘ ਧਾਲੀਵਾਲ, ਸ਼ੰਕਰ ਬਾਂਸਲ, ਹਿੰਮਤ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।