ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ
ਸੰਗਰੂਰ, 23 ਮਈ Bol Punjab De, Buero
ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ ਚੋਣਾਂ-2026 ਮਿਤੀ 26.05.2026 ਨੂੰ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਸਮੂਹ ਗਜ਼ਟਿਡ ਅਫਸਰਾਨ/ਮੁੱਖ ਅਫਸਰਾਨ ਥਾਣਾ ਨੂੰ ਜ਼ਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਚੋਣਾਂ ਦੇ ਮੱਦੇਨਜ਼ਰ ਭਗੌੜਿਆਂ (ਪੀ.ਓ), ਬੇਲ-ਜੰਪਰਜ਼ ਅਤੇ ਪੈਰੋਲ ਜੰਪਰਜ਼ ਨੂੰ ਗ੍ਰਿਫਤਾਰ ਕਰਨ, ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ.) ਨੂੰ 100 ਫ਼ੀਸਦ ਲਾਗੂ ਕਰਨ ਲਈ ਇੱਕ ਵਿਸ਼ੇਸ਼ ਮੁਹਿਮ ਚਲਾਈ ਜਾਵੇ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਸ਼ਾਂਤਮਈ ਤਰੀਕੇ ਨਾਲ ਸੰਪੂਰਣ ਹੋਣ।
ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦਾ ਪੂਰਨ ਭਰੋਸਾ ਦੇਣ ਲਈ ਫੋਰਸ ਦਾ ਸੁਚੱਜੇ ਢੰਗ ਨਾਲ ਉਪਯੋਗ ਕਰਕੇ ਅਸਰਦਾਰ ਢੰਗ ਨਾਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇ ਅਤੇ ਫਲੈਗ ਮਾਰਚ ਕੱਢੇ ਜਾਣ।
ਜ਼ਿਲ੍ਹੇ ਨਾਲ ਲਗਦੀਆਂ ਮੁੱਖ ਸੜਕਾਂ ‘ਤੇ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਨਕਦੀ ਦੀ ਸਮਗਲਿੰਗ ‘ਤੇ ਨਜ਼ਰ ਰੱਖੀ ਜਾਵੇ। ਮਾੜੇ ਅਨਸਰਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਪਹੁੰਚਾਉਣ ਲਈ ਸਪੈਸ਼ਲ ਕਾਰਡਨ ਅਤੇ ਸਰਚ ਆਪਰੇਸ਼ਨ (CASO) ਚਲਾਏ ਜਾਣ।
ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਲਿੰਕ ਸੜਕਾਂ ‘ਤੇ ਵੀ
ਫਲਾਇੰਗ ਸਕੁਐਡ ਟੀਮਾਂ ਅਤੇ ਗਸ਼ਤ ਪਾਰਟੀਆਂ ਨਾਲ 24 ਘੰਟੇ ਨਜ਼ਰ ਰੱਖੀ ਜਾਵੇ। ਸਾਰੇ ਮੁੱਖ ਥਾਣਾ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ‘ਤੇ ਕਰੜੀ ਨਜ਼ਰ ਰੱਖਣ ਅਤੇ ਕਿਸੇ ਨੂੰ ਵੀ ਚੋਣਾਂ ਦੌਰਾਨ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਚੋਣਾਂ ਦੌਰਾਨ ਗੰਨ ਹਾਊਸ, ਕਾਉਂਟਿੰਗ ਸੈਂਟਰਾਂ, ਸਟੋਰੇਜ ਸੈਂਟਰਾਂ, ਚੋਣ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਚੋਣਾਂ ਵਾਲੇ ਦਿਨ ਕਿਸੇ ਵੀ ਬਾਹਰੀ ਵਿਅਕਤੀ ਨੂੰ ਏਰੀਆ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ ਅਤੇ ਸ਼ੱਕੀ ਵਿਅਕਤੀ/ਵਾਹਨਾਂ ਦੀ ਚੈਕਿੰਗ ਕੀਤੀ ਜਾਵੇ।
ਡਾ. ਰਵਜੋਤ ਗਰੇਵਾਲ, ਨੇ ਆਮ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।