** ਬਦਸਲੂਕੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦਾ ਦਿੱਤਾ ਭਰੋਸਾ
— ਕਿਹਾ ਮਾਮਲੇ ਦੀ ਕਰਵਾਈ ਜਾਵੇਗੀ ਜਾਂਚ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਿਸਾਨ ਆਗੂਆਂ ਨਾਲ ਬਦਸਲੂਕੀ ਅਤੇ ਸੋਸ਼ਲ ਮੀਡੀਆ ਤੇ ਕਵਰੇਜ ਕਰਨ ਵਾਲੇ ਕਿਸਾਨਾਂ ਦੇ ਮੋਬਾਈਲ ਖੋਹਕੇ ਵੀਡੀਓ ਡਲੀਟ ਕਰਵਾਉਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈਕੇ ਜਥੇਬੰਦੀ ਵੱਲੋਂ 25 ਮਈ ਨੂੰ ਐਸ ਐਸ ਪੀ ਸੰਗਰੂਰ ਦੇ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲਾ ਧਰਨਾ 7 ਜੂਨ ਤੱਕ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਐਤਵਾਰ ਨੂੰ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਉਪਰੰਤ ਇਹ ਫੈਸਲਾ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ, ਜਸਵੀਰ ਸਿੰਘ ਮੈਦੇਵਾਸ, ਰਾਜ ਸਿੰਘ ਥੇੜੀ ਅਤੇ ਰਾਜਪਾਲ ਸਿੰਘ ਨੇ ਦੱਸਿਆ ਕਿ 19 ਮਈ ਨੂੰ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਤੌਜ ਫੇਰੀ ਮੌਕੇ ਕਿਸਾਨਾਂ ਨਾਲ ਜੁੜੇ ਮਸਲਿਆਂ ਬਾਰੇ ਸਵਾਲ ਪੁੱਛਣ ਜਾ ਰਹੇ ਸਨ ਇਸੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਜਥੇਬੰਦੀ ਦੇ ਆਗੂਆਂ ਨਾਲ ਬਦਸਲੂਕੀ ਕਰਕੇ ਚੀਮਾਂ ਥਾਣੇ ਵਿੱਚ ਡੱਕੀ ਰੱਖਿਆ ਅਤੇ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਸੋਸ਼ਲ ਮੀਡੀਆ ਤੇ ਅਪਲੋਡ ਕਰਨ ਲਈ ਕਿਸਾਨ ਜਥੇਬੰਦੀ ਦੇ ਕਾਰਕੁਨਾਂ ਦੇ ਫੋਨ ਖੋਹਕੇ ਵੀਡੀਓ ਡਲੀਟ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈਕੇ ਕਿਸਾਨ ਮਜ਼ਦੂਰ ਮੋਰਚੇ ਨੇ 25 ਮਈ ਨੂੰ ਐਸ ਐਸ ਪੀ ਦਫਤਰ ਸੰਗਰੂਰ ਦੇ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਆਖਿਆ ਕਿ ਪੁਲਿਸ ਪ੍ਰਸ਼ਾਸਨ ਨਾਲ ਐਤਵਾਰ ਨੂੰ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਹੋਈ, ਪੁਲਿਸ ਅਧਿਕਾਰੀਆਂ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਕਤ ਮਾਮਲੇ ਦੀ ਜਾਂਚ ਕਰਵਾਕੇ ਕਿਸਾਨ ਆਗੂਆਂ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਫਸਰਾਂ ਖਿਲਾਫ 7 ਜੂਨ ਤੱਕ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ। ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਧਰਨਾ 7 ਜੂਨ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।