— ਕਿਹਾ ਬੇਰੁਜ਼ਗਾਰਾਂ ਤੇ ਲਾਠੀਚਾਰਜ ਨਹੀਂ ਬਰਦਾਸ਼ਤ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਆਈਟੀਆਈ ਐਂਪਰੈਂਟਸਿਪ ਬੇਰੁਜ਼ਗਾਰ ਨੌਜਵਾਨਾਂ ਤੇ ਪਟਿਆਲਾ ਵਿਖੇ ਕੀਤੇ ਵਹਿਸ਼ੀਆਨਾ ਪੁਲਿਸ ਲਾਠੀਚਾਰਜ ਦੇ ਰੋਸ ਵਜੋਂ ਸ਼ਨਿੱਚਰਵਾਰ ਨੂੰ ਚੀਮਾਂ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਆਖਿਆ ਕਿ ਸੂਬੇ ਦੀ ਸਰਕਾਰ ਹੱਕ ਮੰਗਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਲਾਠੀਚਾਰਜ ਕਰਕੇ ਜਮਹੂਰੀਅਤ ਦਾ ਘਾਣ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪਟਿਆਲਾ ਵਿਖੇ ਪੀਐਸਪੀਸੀਐਲ ਦੇ ਦਫ਼ਤਰ ਸਾਹਮਣੇ ਧਰਨਾ ਦੇ ਰਹੇ ਇੱਕ ਡੀਐਸਪੀ ਦੀ ਅਗਵਾਈ ਹੇਠ ਪੁਲਿਸ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਕੀਤਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਅਜਿਹੇ ਰਵੀਈਏ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕਰੇਗੀ। ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਯੋਗਤਾ ਪ੍ਰਾਪਤ ਬੇਰੁਜ਼ਗਾਰ ਨੌਜਵਾਨਾਂ ਨੂੰ ਕੁੱਟਣ ਦੀ ਬਜਾਏ ਰੁਜ਼ਗਾਰ ਦੇਣ ਨੂੰ ਯਕੀਨੀ ਬਣਾਵੇ। ਲੋਕਤੰਤਰੀ ਪ੍ਰਣਾਲੀ ਅੰਦਰ ਹੱਕ ਮੰਗਣਾ ਹਰ ਇੱਕ ਨਾਗਰਿਕ ਦਾ ਮੌਲਿਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਹਿੱਕ ਡਾਹਕੇ ਖੜ੍ਹੇਗੀ।