ਸੰਗਰੂਰ, 8 ਜੂਨ Bol Punjab De, Buero
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸੰਗਰੂਰ ਸ਼ਹਿਰ ਦੇ ਬੱਸ ਸਟੈਂਡ, ਕਿਲਾ ਮਾਰਕੀਟ, ਛੋਟਾ ਅਤੇ ਵੱਡਾ ਚੌਂਕ, ਕੋਲਾ ਪਾਰਕ, ਮੇਨ ਬਾਜ਼ਾਰ ਅਤੇ ਹੋਰ ਜਨਤਕ ਸਥਾਨਾਂ ਵਿਖੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸਿੱਖਿਆ ਵਿਭਾਗ ਤੋਂ ਹਰਜਿੰਦਰ ਸਿੰਘ, ਪੁਲਿਸ ਵਿਭਾਗ ਤੋਂ ਏ.ਐਸ.ਆਈ. ਹਰੀਸ਼ ਕੁਮਾਰ, ਸਿਹਤ ਵਿਭਾਗ ਤੋਂ ਡਾ. ਭਾਵੇਸ਼, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਤੋਂ ਗਰਗਨਦੀਪ ਗਰਗ ਅਤੇ ਰੁਪਿੰਦਰ ਸਿੰਘ ਸ਼ਾਮਲ ਰਹੇ।
ਚੈਕਿੰਗ ਦੌਰਾਨ ਸੰਗਰੂਰ ਬੱਸ ਸਟੈਂਡ ਤੋਂ ਇੱਕ ਬੱਚਾ ਪਾਇਆ ਗਿਆ। ਟੀਮ ਵੱਲੋਂ ਬੱਚੇ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਸ ਦੀ ਸੁਰੱਖਿਆ ਅਤੇ ਭਲਾਈ ਨੂੰ ਮੁੱਖ ਰੱਖਦੇ ਹੋਏ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ ਜਨਤਕ ਸਥਾਨਾਂ ‘ਤੇ ਮੌਜੂਦ ਲੋਕਾਂ ਨੂੰ ਬਾਲ ਭਿਖਾਰੀ ਪ੍ਰਥਾ ਦੇ ਖਾਤਮੇ, ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਸੁਰੱਖਿਆ ਸੇਵਾਵਾਂ ਸਬੰਧੀ ਜਾਗਰੂਕ ਵੀ ਕੀਤਾ ਗਿਆ।
ਟੀਮ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਬੱਚਾ ਭੀਖ ਮੰਗਦਾ, ਲਾਵਾਰਿਸ, ਬੇਸਹਾਰਾ ਜਾਂ ਕਿਸੇ ਵੀ ਪ੍ਰਕਾਰ ਦੀ ਸੰਕਟਮਈ ਸਥਿਤੀ ਵਿੱਚ ਨਜ਼ਰ ਆਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ਜਾਂ ਨਜ਼ਦੀਕੀ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ, ਤਾਂ ਜੋ ਬੱਚੇ ਨੂੰ ਸਮੇਂ ਸਿਰ ਸੁਰੱਖਿਆ ਅਤੇ ਪੁਨਰਵਾਸ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਵੱਲੋਂ ਬਾਲ ਭਿਖਾਰੀ ਪ੍ਰਥਾ ਦੀ ਰੋਕਥਾਮ ਅਤੇ ਬੱਚਿਆਂ ਦੇ ਸਰਵੋਤਮ ਹਿੱਤਾਂ ਦੀ ਰੱਖਿਆ ਲਈ ਅਜਿਹੀਆਂ ਚੈਕਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ।