Headlines

ਪਿੰਡ ਰਾਮਨਗਰ ਛੰਨਾ ਵਿਖੇ ਕਿਸਾਨ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ, ਸੰਘਰਸ਼ਾਂ ਦੀ ਰੂਪ-ਰੇਖਾ ਤਿਆਰ

ਸ਼ੇਰਪੁਰ, 4 ਅਪ੍ਰੈਲ (ਬਲਜੀਤ ਸਿੰਘ ਟਿੱਬਾ) Bol Punjab De, Buero 

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡ ਰਾਮਨਗਰ ਛੰਨਾ ਵਿਖੇ ਸੂਬਾ ਪੱਧਰੀ ਤਿੰਨ ਰੋਜ਼ਾ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਇਸ ਇਕੱਠ ਦਾ ਮੁੱਖ ਮਕਸਦ ਸਾਮਰਾਜੀ ਤਾਕਤਾਂ ਦੇ ਅਸਲ ਚਿਹਰੇ ਨੂੰ ਲੋਕਾਂ ਸਾਹਮਣੇ ਲਿਆਉਣਾ ਅਤੇ ਉਹਨਾਂ ਦੇ ਠੱਗੀ ਭਰੇ ਤਰੀਕਿਆਂ ਨੂੰ ਬੇਨਕਾਬ ਕਰਨਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ-ਪਿੰਡ “ਕਿਸਾਨ ਸਕੂਲ” ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਕਿਸਾਨੀ ਸੰਘਰਸ਼ਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ ਅਤੇ ਸਰਕਾਰਾਂ ਹਾਕਮ ਵਰਗ ਨਾਲ ਖੜ੍ਹੀਆਂ ਨਜ਼ਰ ਆ ਰਹੀਆਂ ਹਨ।

ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਬਲੈਕਬੋਰਡ ਰਾਹੀਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਖੇਤੀਬਾੜੀ ਵਿੱਚ ਹੋ ਰਹੇ ਨਫੇ-ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ‘ਤੇ ਲਗਭਗ ਇੱਕ ਲੱਖ ਕਰੋੜ ਰੁਪਏ ਦਾ ਨਿੱਜੀ ਕਰਜ਼ਾ ਚੜ੍ਹਿਆ ਹੋਇਆ ਹੈ, ਜਿਸ ਨੂੰ ਮੁਆਫ਼ ਕਰਵਾਉਣ ਲਈ ਜਥੇਬੰਦੀ ਲਗਾਤਾਰ ਸੰਘਰਸ਼ ਕਰ ਰਹੀ ਹੈ।

ਮੀਟਿੰਗ ਵਿੱਚ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿੱਚ ਬਣ ਰਹੇ ਚਿੰਤਾਜਨਕ ਹਾਲਾਤਾਂ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸਦੇ ਨਾਲ ਹੀ ਆਲੂ ਦੀ ਫਸਲ ਨੂੰ ਵੀ ਢੁਕਵਾਂ ਭਾਅ ਨਾ ਮਿਲਣ ਕਰਕੇ ਕਿਸਾਨ ਵੱਡੇ ਘਾਟੇ ਦਾ ਸਾਹਮਣਾ ਕਰ ਰਹੇ ਹਨ ਅਤੇ ਮੰਡੀਆਂ ਵਿੱਚ ਖਰੀਦ ਨਾ ਹੋਣ ਕਾਰਨ ਆਲੂ ਸੜਕਾਂ ‘ਤੇ ਸੁੱਟਣ ਲਈ ਮਜਬੂਰ ਹਨ।

ਬੁਲਾਰਿਆਂ ਨੇ ਹਾਲ ਹੀ ਵਿੱਚ ਵਾਪਰੀਆਂ ਦੁਖਦਾਈ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਰਜ਼ੇ ਅਤੇ ਘਾਟੇ ਕਾਰਨ ਕਿਸਾਨ ਖੁਦਕਸ਼ੀਆਂ ਵੱਲ ਧੱਕੇ ਜਾ ਰਹੇ ਹਨ, ਜਿਸ ਲਈ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 2025 ਦੇ ਬਿਲ ਨੂੰ ਰੱਦ ਕਰਵਾਉਣ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਜਥੇਬੰਦੀਆਂ ਪਿੱਛੇ ਨਹੀਂ ਹਟਣਗੀਆਂ।

ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਕਰਮਜੀਤ ਸਿੰਘ ਛੰਨਾ ਵੱਲੋਂ ਨਿਭਾਈ ਗਈ। ਹੋਰਨਾਂ ਵਿੱਚ ਗੁਰਦੇਵ ਸਿੰਘ ਮਾਂਗੇਵਾਲ, ਸੁਖਦੇਵ ਸਿੰਘ ਘਰਾਚੋ, ਜਗਤਾਰ ਸਿੰਘ ਦੁੱਗਾਂ, ਮੱਖਣ ਸਿੰਘ ਦੁੱਗਾ, ਮਹਿੰਦਰ ਸਿੰਘ ਮਾਝੇ, ਬੂਟਾ ਖਾਂ ਅਤੇ ਸੁਖਜੀਤ ਸਿੰਘ ਰਟੋਲ ਸਮੇਤ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *