ਸੰਗਰੂਰ, 09 ਜੂਨ Bol Punjab De, Buero
ਰਸਾਇਣਕ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੱਟੀਵਾਲ ਖੁਰਦ ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦ ਨੂੰ ਲੱਗਣ ਵਾਲੇ ਜੀਵਾਣੂੰ ਖਾਦ ਦੇ ਟੀਕੇ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਨੂੰ ਝੋਨੇ ਵਿੱਚ ਪਾਉਣ ਤੋਂ ਗੁਰੇਜ਼ ਕਰਨ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ।
ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਡੀ.ਏ.ਪੀ. ਖਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।
ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਦਾ ਟੀਕਾ ਫਸਲ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਦੌਰਾਨ ਡਾ. ਗਰਗ ਨੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੇ ਰੋਗ ਦੀ ਪਛਾਣ ਅਤੇ ਰੋਕਥਾਮ ਸਬੰਧੀ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਨੂੰ ਪਨੀਰੀ ਦੀ ਨਿਯਮਿਤ ਨਿਗਰਾਨੀ ਕਰਨ ਲਈ ਪ੍ਰੇਰਿਆ।
ਕੈਂਪ ਦੀ ਸਫਲਤਾ ਵਿੱਚ ਸ. ਸਤਗੁਰ ਸਿੰਘ, ਰਵਿੰਦਰ ਸਿੰਘ, ਗੁਰਧਿਆਨ ਸਿੰਘ, ਗੁਰਤੇਜ ਸਿੰਘ ਅਤੇ ਹੋਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਖੇਤੀ ਸਾਹਿਤ ਆਦਿ ਦੀ ਵਿਕਰੀ ਵੀ ਕੀਤੀ ਗਈ।
ਕੈਂਪ ਦੌਰਾਨ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਖੇਤੀਬਾੜੀ ਸਬੰਧੀ ਸਵਾਲਾਂ ਦੇ ਤਰਤੀਬ-ਬੱਧ ਅਤੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ। ਕਿਸਾਨਾਂ ਨੇ ਮਿੱਟੀ ਪਰਖ ਕਰਵਾਉਣ ਅਤੇ ਸਿਫਾਰਿਸ਼ੀ ਖਾਦ ਪ੍ਰਬੰਧਨ ਅਪਣਾਉਣ ਲਈ ਭਰਪੂਰ ਰੁਚੀ ਵੀ ਦਿਖਾਈ।