Headlines

ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਅਹਿਮ ਮੀਟਿੰਗ; ਐੱਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਲਈ ਸਾਂਝੇ ਸਹਿਯੋਗ ਦੀ ਅਪੀਲ

· 25 ਜੂਨ ਤੋਂ ਘਰ-ਘਰ ਪਹੁੰਚਣਗੇ ਬੀ.ਐਲ.ਓਜ਼, ਨਾਗਰਿਕਾਂ ਨੂੰ ਨਵੀਨਤਮ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਤਿਆਰ ਰੱਖਣ ਲਈ ਅਪੀਲ।

· ਹਰ ਪੋਲਿੰਗ ਸਟੇਸ਼ਨ ’ਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਯਕੀਨੀ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਨੂੰ ਅਪੀਲ।

ਮਾਲੇਰਕੋਟਲਾ 15 ਜੂਨ Bol Punjab De, Buero 

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਇੱਕ ਮਹੱਤਵਪੂਰਣ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਪੁਨਰ-ਸਮੀਖਿਆ, ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਅਤੇ ਘਰ-ਘਰ ਤਸਦੀਕ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਤਰਲੋਚਨ ਸਿੰਘ, ਪ੍ਰਧਾਨ ਬੀ.ਜੇ.ਪੀ ਜਗਤ ਕਥੂਰੀਆ, ਜ਼ਿਲ੍ਹਾ ਪ੍ਰਧਾਨ ਕਾਂਗਰਸ ਨਿਸ਼ਾਤ, ਬਲਾਕ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਸਿੰਦਰਪਾਲ ਸਿੰਘ, ਸਕੱਤਰ ਸੀ.ਪੀ.ਆਈ.(ਐਮ) ਅਬਦੁਲ ਸਤਾਰ, ਜ਼ਿਲ੍ਹਾ ਸਕੱਤਰ ਬੀ.ਐਸ.ਪੀ ਸ਼ਮਸ਼ਾਦ ਅਨਸਾਰੀ ਦੇ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਚੋਣ ਤਹਸੀਲਦਾਰ ਬ੍ਰਿਜ ਮੋਹਨ ਅਤੇ ਹੋਰ ਸਬੰਧਿਤ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਐੱਸ.ਆਈ.ਆਰ.-2026 ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ। ਉਨ੍ਹਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਚੋਣ ਪ੍ਰਕਿਰਿਆ ਦੀ ਸਫਲਤਾ ਲਈ ਚੋਣ ਅਮਲੇ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ ਅਤੇ ਆਮ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਉਹਨਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਜਲਦੀ ਮੁਕੰਮਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਬੀ.ਐਲ.ਏ. ਵੋਟਰ ਸੂਚੀਆਂ ਦੀ ਜਾਂਚ, ਮ੍ਰਿਤਕ ਜਾਂ ਸਥਾਈ ਤੌਰ ‘ਤੇ ਤਬਦੀਲ ਹੋਏ ਵੋਟਰਾਂ ਦੀ ਪਛਾਣ ਅਤੇ ਡੁਪਲੀਕੇਟ ਐਂਟਰੀਆਂ ਨੂੰ ਸਹੀ ਕਰਨ ਵਿੱਚ ਅਹੰਕਾਰਪੂਰਕ ਭੂਮਿਕਾ ਨਿਭਾਉਣਗੇ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਚੋਣ ਕਮਿਸ਼ਨ ਦੇ ਸੋਧੇ ਹੋਏ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਐਨਿਊਮਰੇਸ਼ਨ ਫਾਰਮ ਵੰਡਣ ਅਤੇ ਪ੍ਰਾਪਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਦੇ ਸਾਰੇ ਯੋਗ ਵੋਟਰਾਂ ਦੀ ਨਵੀਨਤਮ ਪਾਸਪੋਰਟ ਸਾਈਜ਼ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਪਹਿਲਾਂ ਹੀ ਤਿਆਰ ਰੱਖਣ ਤਾਂ ਜੋ ਤਸਦੀਕ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜਿਨ੍ਹਾਂ ਵੋਟਰਾਂ ਦੀ ਪ੍ਰੀ-ਐੱਸ.ਆਈ.ਆਰ. ਦੌਰਾਨ ਮੈਪਿੰਗ ਨਹੀਂ ਹੋਈ, ਉਹਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ। ਦਸਤਾਵੇਜ਼ੀ ਤਸਦੀਕ ਤੋਂ ਬਾਅਦ ਉਨ੍ਹਾਂ ਦੇ ਵੇਰਵੇ ਯੋਗਤਾ ਅਨੁਸਾਰ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਅਤੇ ਸੂਚੀਆਂ ਦੀ ਭਰੋਸੇਯੋਗਤਾ ਵਧਾਉਣ ਲਈ ਪੂਰੀ ਸਚੇਤਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ।

Leave a Reply

Your email address will not be published. Required fields are marked *