** ਕਿਹਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਨਾ ਕਰਨ ਕੋਸ਼ਿਸ਼
** ਕਸਟੋਡੀਅਨ ਸ਼ਬਦ ਗ੍ਰੰਥੀ ਸਿੰਘਾਂ ਲਈ ਘਾਤਕ
ਦਰਸ਼ਨ ਸਿੰਘ ਚੌਹਾਨ,Bol Punjab De, Buero
ਸੁਨਾਮ — ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਇੰਜ. ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬੇਅਦਬੀ ਕਾਨੂੰਨ ਸਬੰਧੀ ਦਿੱਤੇ ਗਏ ਬਿਆਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕਾਨੂੰਨ ਵਿੱਚ ਕਸਟੋਡੀਅਨ ਸ਼ਬਦ ਗ੍ਰੰਥੀ ਸਿੰਘਾਂ ਲਈ ਮੁਸੀਬਤ ਬਣੇਗਾ। ਬੁੱਧਵਾਰ ਨੂੰ ਸੁਨਾਮ ਵਿਖੇ ਇੱਕ ਰੈਸਟੋਰੈਂਟ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ
ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚਾ ਸਿੱਖ ਪੰਥ ਬੇਅਦਬੀ ਕਾਨੂੰਨ ਦੇ ਖਿਲਾਫ ਨਹੀਂ ਹੈ ਲੇਕਿਨ ਸੂਬੇ ਦੀ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਵਿੱਚ ਕੀਤੀ ਤਬਦੀਲੀ ਗ੍ਰੰਥੀ ਸਿੰਘਾਂ ਅਤੇ ਪ੍ਰਬੰਧਕਾਂ ਲਈ ਮੁਸੀਬਤ ਬਣੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਧਰਮ, ਗ੍ਰੰਥ ਜਾਂ ਧਾਰਮਿਕ ਪ੍ਰਤੀਕ ਦੀ ਬੇਅਦਬੀ ਕਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਕਾਨੂੰਨ ਵਿੱਚ “ਕਸਟੋਡੀਅਨ” ਸ਼ਬਦ ਜੋੜਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਬੇਵਜ੍ਹਾ ਦੋਸ਼ੀ ਬਣਾਉਣ ਦੀ ਕੋਸ਼ਿਸ਼ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਥਾਨਕ ਕਮੇਟੀਆਂ ਵੱਲੋਂ ਚਲਾਏ ਜਾਂਦੇ ਹਨ। ਜੇਕਰ ਕੋਈ ਸ਼ਰਾਰਤੀ ਅਨਸਰ ਜਾਣ-ਬੁੱਝ ਕੇ ਕਿਸੇ ਗੁਰਦੁਆਰੇ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਵੇ, ਤਾਂ ਕੀ ਉਸ ਦਾ ਦੋਸ਼ ਗੁਰਦੁਆਰਾ ਕਮੇਟੀ ਦੇ ਹਰ ਮੈਂਬਰ ‘ਤੇ ਮੜ੍ਹਿਆ ਜਾਵੇਗਾ? ਇਹ ਨਾ ਸਿਰਫ਼ ਗੈਰ-ਵਾਜਬ ਹੈ ਸਗੋਂ ਧਾਰਮਿਕ ਸੰਸਥਾਵਾਂ ਨੂੰ ਡਰਾਉਣ ਅਤੇ ਬਦਨਾਮ ਕਰਨ ਵਾਲੀ ਸੋਚ ਨੂੰ ਵੀ ਦਰਸਾਉਂਦਾ ਹੈ। ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਅਮਨ ਅਰੋੜਾ ਵੱਲੋਂ ਇਹ ਕਹਿਣਾ ਕਿ “ਗੋਲਕਾਂ ਦਾ ਪੈਸਾ ਤਾਂ ਸੰਭਾਲਿਆ ਜਾਂਦਾ ਹੈ ਪਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਹੀਂ”, ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਬਿਆਨ ਹੈ। ਅਜਿਹੇ ਬਿਆਨ ਆਮ ਆਦਮੀ ਪਾਰਟੀ ਦੀ ਸਿੱਖ ਅਤੇ ਪੰਥਕ ਸੰਸਥਾਵਾਂ ਪ੍ਰਤੀ ਨਕਾਰਾਤਮਕ ਸੋਚ ਨੂੰ ਬੇਨਕਾਬ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਲੜਾਈ ਬੇਅਦਬੀ ਕਾਨੂੰਨ ਦੇ ਖਿਲਾਫ ਨਹੀਂ, ਸਗੋਂ ਉਸ ਕਾਨੂੰਨ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ ਅਜਿਹੀਆਂ ਧਾਰਾਵਾਂ ਦੇ ਖਿਲਾਫ ਹੈ, ਜਿਨ੍ਹਾਂ ਰਾਹੀਂ ਬੇਕਸੂਰ ਲੋਕਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਕਾਨੂੰਨੀ ਉਲਝਣਾਂ ਵਿੱਚ ਫਸਾਉਣ ਦਾ ਰਾਹ ਖੁੱਲ੍ਹਦਾ ਹੈ। ਜੇਕਰ ਕਿਸੇ ਧਾਰਮਿਕ ਸਥਾਨ ‘ਤੇ ਕੋਈ ਸ਼ਰਾਰਤੀ ਅਨਸਰ ਜਾਂ ਸਾਜ਼ਿਸ਼ ਤਹਿਤ ਕੋਈ ਵਿਅਕਤੀ ਬੇਅਦਬੀ ਦੀ ਘਟਨਾ ਕਰ ਜਾਂਦਾ ਹੈ ਤਾਂ ਉਸ ਦਾ ਸਿੱਧਾ ਜ਼ਿੰਮੇਵਾਰ ਉਸ ਘਟਨਾ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਹੋਣਾ ਚਾਹੀਦਾ ਹੈ, ਨਾ ਕਿ ਉਹ ਲੋਕ ਜੋ ਸੇਵਾ ਭਾਵਨਾ ਨਾਲ ਗੁਰੂ ਘਰਾਂ ਦਾ ਪ੍ਰਬੰਧ ਸੰਭਾਲ ਰਹੇ ਹਨ।
ਖਡਿਆਲ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਤੋਂ ਇਹ ਸਵਾਲ ਪੁੱਛ ਰਹੇ ਹਨ ਕਿ ਜਦੋਂ ਬੇਅਦਬੀ ਦੀਆਂ ਵੱਡੀਆਂ ਘਟਨਾਵਾਂ ਵਾਪਰੀਆਂ ਸਨ ਤਾਂ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਕਾਰ ਨੇ ਕੀ ਠੋਸ ਕਦਮ ਚੁੱਕੇ? ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਸਤਿਕਾਰ ਅਤੇ ਮਰਿਆਦਾ ਦੀ ਰੱਖਿਆ ਲਈ ਵਚਨਬੱਧ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਧਾਰਮਿਕ ਭਾਵਨਾਵਾਂ ਨਾਲ ਜੁੜੇ ਮਾਮਲਿਆਂ ‘ਤੇ ਸਿਆਸਤ ਕਰਨ ਦੀ ਬਜਾਏ ਸਰਬਸੰਮਤੀ ਨਾਲ ਅਜਿਹਾ ਕਾਨੂੰਨ ਬਣਾਏ ਜੋ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਵੇ ਪਰ ਬੇਕਸੂਰ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।