ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਸੁਨਾਮ ਦੀ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਯੋਜਿਤ ਕੀਤੇ ਵਿਸ਼ਾਲ ਨਗਰ ਕੀਰਤਨ ਮੌਕੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਖਿੱਚ ਦਾ ਕੇਂਦਰ ਬਣੀ। ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਹੀ ਸੰਪੂਰਨ ਹੋਇਆ। ਸੰਗਤਾਂ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਗੱਤਕਾ ਪਾਰਟੀਆਂ ਨੇ ਖ਼ਾਲਸਾਈ ਜੰਗਜੂ ਕਲਾ ਦੇ ਜੌਹਰ ਦਿਖਾਏ।