** ਕਿਹਾ 40 ਲੱਖ ਪਰਿਵਾਰਾਂ ਨੂੰ ਮਿਲੇਗਾ ਲਾਭ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ, ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਸ਼ਾਹਪੁਰ ਕਲਾਂ ਵਿਖੇ ਯੋਗ ਲਾਭਪਾਤਰੀ ਪਰਿਵਾਰਾਂ ਨੂੰ 700 ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਦਾ ਮਕਸਦ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਲਾਈ ਉਪਰਾਲਿਆਂ ਨੂੰ ਸਿਰਫ਼ ਕਣਕ ਅਤੇ ਦਾਲਾਂ ਦੀ ਵੰਡ ਤੱਕ ਸੀਮਤ ਕਰ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਵਿਆਪਕ ਉਪਰਾਲਾ ਕੀਤਾ ਹੈ ਕਿ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਵਿੱਚ ਰੋਜ਼ਾਨਾ ਲੋੜਾਂ ਲਈ ਲੋੜੀਂਦੀਆਂ ਸਾਰੀਆਂ ਜ਼ਰੂਰੀ ਵਸਤਾਂ ਮੌਜੂਦ ਰਹਿਣ। ‘ਮੇਰੀ ਰਸੋਈ’ ਸਕੀਮ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲ ਰਹੀ ਹੈ, ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ। ਇਹ ਯੋਜਨਾ ਆਮ ਪਰਿਵਾਰਾਂ ਦੀਆਂ ਜ਼ਰੂਰਤਾਂ, ਖਾਸ ਕਰਕੇ ਘਰੇਲੂ ਜ਼ਿੰਮੇਵਾਰੀਆਂ ਸੰਭਾਲਣ ਵਾਲੀਆਂ ਔਰਤਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਮਜ਼ਬੂਤ ਤੇ ਖੁਸ਼ਹਾਲ ਪੰਜਾਬ ਤਾਂ ਹੀ ਬਣਾਇਆ ਜਾ ਸਕਦਾ ਹੈ, ਜਦੋਂ ਹਰ ਘਰ ਦੀ ਰਸੋਈ ਚਲਦੀ ਰਹੇ ਅਤੇ ਕੋਈ ਵੀ ਬੱਚਾ ਭੁੱਖਾ ਨਾ ਸੌਂਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਅਨੇਕਾਂ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਵਿਕਾਸ ਦੇ ਕੰਮ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਹੇ ਹਨ।