Headlines

ਕੜਕਦੀ ਧੁੱਪ ਚ, ਅਮਨ ਅਰੋੜਾ ਦੀ ਕੋਠੀ ਮੂਹਰੇ ਗੱਜੇ ਕੰਪਿਊਟਰ ਅਧਿਆਪਕ

 ** ਕਿਹਾ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਸੂਬਾ ਸਰਕਾਰ 

ਦਰਸ਼ਨ ਸਿੰਘ ਚੌਹਾਨ, Bol Punjab De, Buero

ਸੁਨਾਮ — ਹੱਕੀ ਮੰਗਾਂ ਮਨਵਾਉਣ ਲਈ ਕੜਕਦੀ ਧੁੱਪ ਵਿੱਚ ਕੰਪਿਊਟਰ ਅਧਿਆਪਕਾਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੀ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਟਾਲਾ ਵੱਟ ਰਹੀ ਹੈ। ਪ੍ਰਸਾਸ਼ਨ ਵੱਲੋ ਧਰਨਾਕਾਰੀਆਂ ਨਾਲ 23 ਜੂਨ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਫਿਕਸ ਕਰਵਾਈ ਗਈ। ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਨਰਦੀਪ ਸ਼ਰਮਾ, ਸਿਕੰਦਰ ਸਿੰਘ, ਕੁਲਦੀਪ ਸਿੰਘ, ਨਾਇਬ ਸਿੰਘ, ਰਿਸ਼ਵ ਗੋਇਲ, ਕੁਲਵਿੰਦਰ ਸਿੰਘ, ਪਰਦੀਪ ਕੁਮਾਰ, ਸਤਿਪ੍ਰਤਾਪ ਸਿੰਘ, ਸੁਖਜੀਤ ਕੌਰ, ਨਿਰਮਲ ਸਿੰਘ, ਰਾਜਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਦੇ ਨਾਂਅ ‘ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾਅ ਰਹੇ ਹਨ ਪਰ ਰੈਗੂਲਰ ਨੋਟੀਫੀਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ ਬਿੰਨ ਲਾਗੂ ਨਹੀਂ ਕੀਤਾ ਹੈ। ਇਸ ਸਮੇਂ ਦੌਰਾਨ 112 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 6 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। 

Leave a Reply

Your email address will not be published. Required fields are marked *