• ਯੋਗ ਤੰਦਰੁਸਤ ਸਰੀਰ, ਸ਼ਾਂਤ ਮਨ ਅਤੇ ਖੁਸ਼ਹਾਲ ਸਮਾਜ ਦੀ ਨੀਂਹ – ਕਨੂ ਗਰਗ
* ਯੋਗ ਦਿਵਸ ਮੌਕੇ ਨਾਗਰਿਕਾਂ ਨੂੰ 25 ਜੂਨ ਤੋਂ ਸ਼ੁਰੂ ਹੋ ਰਹੀ ਐੱਸ.ਆਈ.ਆਰ.-2026 ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਦੀ ਅਪੀਲ
ਮਾਲੇਰਕੋਟਲਾ, 21 ਜੂਨ Bol Punjab De, Buero
ਹਰ ਸਾਲ ਦੀ ਤਰ੍ਹਾਂ ਸਥਾਨਕ ਜ਼ਾਕਿਰ ਹੁਸੈਣ ਸਟੇਡੀਅਮ ‘ਚ 12ਵਾਂ ਕੌਮਾਂਤਰੀ ਯੋਗ ਦਿਵਸ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸਾਂ ਤਹਿਤ ਅੱਜ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਅਤੇ ਆਯੂਸ਼ ਵਿਭਾਗ ਮਨਾਇਆ ਗਿਆ । ਜਿਸ ਦਾ ਮਕਸਦ ਯੋਗ ਦੇ ਸਰੀਰਕ, ਮਾਨਸਿਕ ਅਤੇ ਆਤਮਿਕ ਲਾਭ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਯੋਗ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਸਮਾਗਮ ਦੀ ਪ੍ਰਧਾਨਗੀ ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਕਨੂ ਗਰਗ ਨੇ ਕੀਤੀ। ਉਨ੍ਹਾਂ ਕਿਹਾ ਕਿ ਯੋਗ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਵਿਕਾਸ ਦਾ ਅਹਿਮ ਸਾਧਨ ਹੈ, ਜੋ ਸਮਾਜਿਕ ਸਦਭਾਵਨਾ ਅਤੇ ਸਮੁੱਚੀ ਤੰਦਰੁਸਤੀ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਦੇਸ਼ ਦਾ ਸਭ ਤੋਂ ਸਿਹਤਮੰਦ ਰਾਜ ਬਣਾਉਣਾ ਹੈ ਅਤੇ ਯੋਗ ਇਸ ਦਿਸ਼ਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਯੋਗ ਨੂੰ ਸਿਰਫ਼ ਇੱਕ ਦਿਨ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ। ਉਨ੍ਹਾਂ ਸੀ.ਐਮ. ਦੀ ਯੋਗਸ਼ਾਲਾ ਯੋਜਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮੁਫ਼ਤ ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਯੋਗ ਦਿਵਸ ਮੌਕੇ ਐਸ.ਡੀ.ਐਮ. ਨੇ ਸਮੂਹ ਨਾਗਰਿਕਾਂ ਨੂੰ 25 ਜੂਨ ਤੋਂ ਸ਼ੁਰੂ ਹੋ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੀ.ਐਲ.ਓਜ਼ ਨਾਲ ਸਹਿਯੋਗ ਕਰਕੇ ਲੋੜੀਂਦੇ ਦਸਤਾਵੇਜ਼ ਅਤੇ ਨਵੀਨਤਮ ਫੋਟੋਆਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਸਹੀ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ।
ਜ਼ਿਲ੍ਹਾ ਨੋਡਲ ਅਫ਼ਸਰ ਡਾ. ਵਾਹਿਦ ਮੁਹੰਮਦ ਅਤੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸ਼ਾਹਿਦ ਖਾਨ ਨੇ ਯੋਗ ਦੇ ਸਿਹਤ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ’ਤੇ ਆਯੁਰਵੇਦਿਕ ਵਿਭਾਗ ਵੱਲੋਂ ਡਾ. ਰੁਬੀਨ ਡਾ. ਕਮਲਪ੍ਰੀਤ, ਡਾ. ਰਫੀਕ ਡਾ. ਮੁਹੰਮਦ ਅਕਮਲ, ਡਾ. ਅੰਮ੍ਰਿਤ ਪਾਲ ਸਿੰਘ, ਡਾ. ਇਮਰਾਨ, ਉਪਵੈਦ ਕੁਲਵਿੰਦਰ ਸਿੰਘ ਮੁਹੰਮਦ ਇਰਫਾਨ ਲਖਵਿੰਦਰ ਸਿੰਘ ਗੁਰਪ੍ਰੀਤ ਸਿੰਘ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ, ਖੇਡ ਵਿਭਾਗ, ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।