ਸ਼ੇਰਪੁਰ, 9 ਅਪ੍ਰੈਲ (ਬਲਜੀਤ ਸਿੰਘ ਟਿੱਬਾ)Bol Punjab De, Buero
ਸਥਾਨਕ ਕਸਬਾ ਸ਼ੇਰਪੁਰ ਦਾ ਕਮਿਊਨਿਟੀ ਹੈਲਥ ਸੈਂਟਰ ਪਿਛਲੇ ਕਈ ਮਹੀਨਿਆਂ ਤੋਂ ਗੰਦੇ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ, ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਹਸਪਤਾਲ ਦਾ ਮੁੱਖ ਦਰਵਾਜ਼ਾ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਗੰਦਗੀ ਨਾਲ ਭਰਿਆ ਪਿਆ ਹੈ ਅਤੇ ਨਾਲ ਲੱਗਦੇ ਨਾਲੇ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਗੇਟ ਅੱਗੇ ਇਕੱਠਾ ਹੋ ਗਿਆ ਹੈ, ਜੋ ਹੁਣ ਛੱਪੜ ਦਾ ਰੂਪ ਧਾਰ ਚੁੱਕਾ ਹੈ।
ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਭ ਤੋਂ ਪਹਿਲਾਂ ਇਸ ਗੰਦਗੀ ਭਰੇ ਮਾਹੌਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਹਾਲਤ ਨਾ ਸਿਰਫ਼ ਸਿਹਤ ਸੇਵਾਵਾਂ ‘ਤੇ ਸਵਾਲ ਖੜੇ ਕਰਦੀ ਹੈ, ਸਗੋਂ ਵੱਖ-ਵੱਖ ਬਿਮਾਰੀਆਂ ਨੂੰ ਵੀ ਸੱਦਾ ਦੇ ਰਹੀ ਹੈ।
ਇੱਕ ਪਾਸੇ ਸਿਹਤ ਵਿਭਾਗ ਵੱਲੋਂ ਡੇਂਗੂ ਵਰਗੀਆਂ ਖ਼ਤਰਨਾਕ ਬਿਮਾਰੀਆਂ ਤੋਂ ਬਚਾਅ ਲਈ ਕਸਬੇ ਵਿੱਚ ਲਾਰਵਾ ਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਿਤੇ ਵੀ ਗੰਦਾ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਦੂਜੇ ਪਾਸੇ, ਹਸਪਤਾਲ ਦੇ ਦਰਵਾਜ਼ੇ ‘ਤੇ ਹੀ ਗੰਦੇ ਪਾਣੀ ਦਾ ਛੱਪੜ ਬਣਿਆ ਹੋਇਆ ਹੈ, ਜੋ “ਦੀਵੇ ਥੱਲੇ ਹਨੇਰਾ” ਵਾਲੀ ਕਹਾਵਤ ਨੂੰ ਸੱਚ ਕਰਦਾ ਹੈ।
ਸਥਾਨਕ ਲੋਕਾਂ ਦੇ ਅਨੁਸਾਰ, ਇਹ ਮਾਮਲਾ ਕਈ ਵਾਰ ਸੰਬੰਧਿਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਇਆ ਗਿਆ ਹੈ, ਪਰ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ।
ਇਸ ਸਬੰਧੀ ਜਦੋਂ ਸੀਨੀਅਰ ਮੈਡੀਕਲ ਅਫਸਰ (SMO) ਸ਼ੇਰਪੁਰ ਜਸਦੀਪ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਬਾਰੇ 10-15 ਦਿਨ ਪਹਿਲਾਂ ਹੀ ਬਲਾਕ ਵਿਕਾਸ ਤੇ ਪੰਚਾਇਤ ਅਫਸਰ (BDPO) ਨੂੰ ਲਿਖਤੀ ਰੂਪ ਵਿੱਚ ਜਾਣਕਾਰੀ ਦਿੱਤੀ ਜਾ ਚੁੱਕੀ ਹੈ।
ਉੱਥੇ ਹੀ, ਜਦੋਂ ਬਲਾਕ ਪੰਚਾਇਤ ਅਫਸਰ ਸੰਜੀਵ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸੈਕਟਰੀਆਂ ਦੀ ਮੀਟਿੰਗ ਬੁਲਾਈ ਗਈ ਹੈ ਅਤੇ ਹਸਪਤਾਲ ਦੇ ਗੇਟ ਅੱਗੇ ਬਣੇ ਇਸ ਗੰਦੇ ਪਾਣੀ ਦੇ ਮਸਲੇ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ।
ਫਿਲਹਾਲ, ਲੋਕ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕਰ ਰਹੇ ਹਨ ਤਾਂ ਜੋ ਇਸ ਗੰਭੀਰ ਸਿਹਤ ਸੰਕਟ ਨੂੰ ਵਧਣ ਤੋਂ ਰੋਕਿਆ ਜਾ ਸਕੇ।