Headlines

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ– ਗੋਲਡੀ 

Oplus_16908288

— ਕਿਹਾ ਸੂਬਾ ਸਰਕਾਰ ਦੇ ਦਾਅਵਿਆਂ ਨੂੰ ਦੱਸਿਆ ਕੋਰਾ ਝੂਠ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਨਾ ਹੋਣ ਕਾਰਨ ਅੰਨਦਾਤਾ ਪ੍ਰੇਸ਼ਾਨੀ ਦੇ ਆਲਮ ਵਿੱਚ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਕਣਕ ਦੀ ਖਰੀਦ ਸੁਚਾਰੂ ਹੋਣ ਦੇ ਦਾਅਵੇ ਕੋਰਾ ਝੂਠ ਦਿਖਾਈ ਦੇ ਰਹੇ ਹਨ। ਸੋਮਵਾਰ ਨੂੰ ਸੁਨਾਮ ਦੀ ਨਵੀਂ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੁੱਜੇ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗ ਗਏ ਹਨ ਲੇਕਿਨ  ਸੂਬੇ ਦੀ ਸਰਕਾਰ ਵੱਲੋਂ ਖ਼ਰੀਦ ਨੂੰ ਇਹ ਕਹਿਕੇ ਰੋਕਿਆ ਜਾ ਰਿਹਾ ਹੈ ਕਿ ਕਣਕ ਦੀ ਨਮੀ ਮਾਪਦੰਡਾਂ ਅਨੁਸਾਰ ਢੁਕਵੀਂ ਨਹੀਂ ਹੈ। ਮੰਡੀਆਂ ਵਿੱਚ ਜਗ੍ਹਾ ਜਗ੍ਹਾ ਅਜਿਹੀਆਂ ਸਥਿਤੀਆਂ ਵੇਖੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਪਿਛਲੇ ਅੱਠ ਦਿਨਾਂ ਤੋਂ ਮੰਡੀਆਂ ਵਿੱਚ ਫਸਲਾਂ ਪਈਆਂ ਹਨ, ਪਰ ਖਰੀਦ ਸ਼ੁਰੂ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਦਾ ਸਿਖ਼ਰ ਹੋਣ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਅਜੇ ਤੱਕ ਵੀ ਕੇਂਦਰ ਸਰਕਾਰ ਨਾਲ ਸਹੀ ਢੰਗ ਨਾਲ ਤਾਲਮੇਲ ਨਹੀਂ ਕਰ ਸਕੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਗੁਣਵੱਤਾ ਦਾ ਮੁਆਇਨਾ ਕਰਨ ਲਈ ਅੱਜ ਕੇਂਦਰ ਸਰਕਾਰ ਦੀ ਇੱਕ ਟੀਮ ਮੰਡੀਆਂ ਵਿੱਚ ਪਹੁੰਚੀ ਹੈ। ਇਸ ਤੋਂ ਬਾਅਦ ਇੱਕ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਫੈਸਲਾ ਲਿਆ ਜਾਵੇਗਾ, ਜਿਸ ਨਾਲ ਖਰੀਦ ਪ੍ਰਕਿਰਿਆ ਵਿੱਚ ਹੋਰ ਦੇਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਗੁਣਵੱਤਾ ਚੰਗੀ ਹੈ ਅਤੇ ਅਨਾਜ ਵਿੱਚ ਕੋਈ ਖਾਸ ਕਮੀ ਨਹੀਂ ਹੈ, ਫਿਰ ਵੀ ਏਜੰਸੀਆਂ ਨੇ ਖਰੀਦ ਰੋਕ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁੱਢਲੀਆਂ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਕਈ ਪੇਂਡੂ ਮੰਡੀਆਂ ਵਿੱਚ ਬਿਜਲੀ, ਪਖਾਨੇ ਜਾਂ ਸਫਾਈ ਦੀ ਘਾਟ ਹੈ। ਕਿਸਾਨ 8-10 ਦਿਨਾਂ ਤੋਂ ਆਪਣੀ ਉਪਜ ਲੈਕੇ ਮੰਡੀਆਂ ਵਿੱਚ ਬੈਠੇ ਹਨ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸਥਿਤੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ 1 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦਾ ਦਾਅਵਾ ਕੀਤਾ ਸੀ, ਪਰ ਜ਼ਮੀਨੀ ਸਥਿਤੀ ਇਸ ਦੇ ਉਲਟ ਹੈ। ਸਰਕਾਰ ਸਿਰਫ਼ ਬਿਆਨਬਾਜ਼ੀ ਕਰ ਰਹੀ ਹੈ, ਜਦੋਂ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਢਿੱਲ ਦੇਣ ਵਾਲੀ ਫਾਈਲ ਜਮ੍ਹਾਂ ਕਰਨ ਵਿੱਚ ਦੇਰੀ ਕਾਰਨ ਖਰੀਦ ਪ੍ਰਕਿਰਿਆ ਵਿੱਚ ਰੁਕਾਵਟ ਆਈ ਹੈ। ਉਨ੍ਹਾਂ ਨੇ “ਲਸਟਰ ਲੌਸ” ਵਰਗੀਆਂ ਸਥਿਤੀਆਂ ਨੂੰ ਕਿਸਾਨਾਂ ਲਈ ਨੁਕਸਾਨਦੇਹ ਦੱਸਿਆ ਅਤੇ ਇਸਨੂੰ ਖਤਮ ਕਰਨ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਗੋਦਾਮ ਪਹਿਲਾਂ ਹੀ ਭਰੇ ਹੋਏ ਹਨ ਅਤੇ ਚੌਲਾਂ ਦੀ ਸਫਾਈ ਨਹੀਂ ਹੋ ਰਹੀ ਹੈ, ਜਿਸ ਨਾਲ ਕਣਕ ਦੇ ਭੰਡਾਰਨ ਵਿੱਚ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਜੇਕਰ ਜਲਦੀ ਹੀ ਕੋਈ ਹੱਲ ਨਾ ਲੱਭਿਆ ਗਿਆ ਤਾਂ ਮੰਡੀਆਂ ਵਿੱਚ ਸਥਿਤੀ ਹੋਰ ਵੀ ਵਿਗੜ ਸਕਦੀ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ, ਮਜ਼ਦੂਰਾਂ ਅਤੇ ਕਮਿਸ਼ਨ ਏਜੰਟਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਖਰੀਦ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।

Leave a Reply

Your email address will not be published. Required fields are marked *