Headlines

ਮਾਲੇਰਕੋਟਲਾ ਦੇ ਵਾਰਡ ਨੰਬਰ 13 ਵਿੱਚ ਸਿਹਤ ਬੀਮਾ ਯੋਜਨਾ ਕੈਂਪ ਦੀ ਐਸ.ਡੀ.ਐਮ. ਵੱਲੋਂ ਅਚਨਚੇਤ ਜਾਂਚ

· ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਬੀਮਾ ਕਾਰਡ ਬਣਵਾਉਣ ਲਈ ਅਪੀਲ


ਮਾਲੇਰਕੋਟਲਾ, 16 ਅਪ੍ਰੈਲ : Bol Punjab De, Buero 

ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਕਨੂ ਗਰਗ ਵੱਲੋਂ ਅੱਜ ਸਥਾਨਕ ਵਾਰਡ ਨੰਬਰ 13 ਵਿੱਚ ਆਯੋਜਿਤ ਸਿਹਤ ਬੀਮਾ ਯੋਜਨਾ ਕਾਰਡ ਸੰਬੰਧੀ ਵਿਸ਼ੇਸ਼ ਕੈਂਪ ਦੀ ਅਚਾਨਕ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਕੈਂਪ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ, ਸਹੂਲਤਾਂ ਅਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਪ ਮੰਡਲ ਮੈਜਿਸਟ੍ਰੇਟ ਵੱਲੋਂ ਮੌਕੇ ‘ਤੇ ਮੌਜੂਦ ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਕੈਂਪ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਪ੍ਰਾਪਤ ਕੀਤਾ। ਲੋਕਾਂ ਵੱਲੋਂ ਕੈਂਪ ਵਿੱਚ ਮਿਲ ਰਹੀਆਂ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟਾਈ ਗਈ।

ਇਸ ਮੌਕੇ ਉਨ੍ਹਾਂ ਨੇ ਸੰਬੰਧਿਤ ਸਟਾਫ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਕੈਂਪ ਦੌਰਾਨ ਜੇਕਰ ਕਿਸੇ ਪ੍ਰਕਾਰ ਦੀ ਤਕਨੀਕੀ ਜਾਂ ਪ੍ਰਬੰਧਕੀ ਦਿੱਕਤ ਆਉਂਦੀ ਹੈ ਤਾਂ ਇਸ ਸੰਬੰਧੀ ਤੁਰੰਤ ਉੱਚ ਅਧਿਕਾਰੀਆਂ ਨੂੰ ਅਗਾਹ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਸਮੱਸਿਆ ਦਾ ਨਿਪਟਾਰਾ ਕਰਕੇ ਲੋਕਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਨ੍ਹਾਂ ਨੇ ਆਸ਼ਾ ਵਰਕਰਾਂ ਅਤੇ ਆੰਗਨਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਤਿਆਰ ਕਰਵਾਉਣ ਨੂੰ ਯਕੀਨੀ ਬਣਾਉਣ।

ਉਪ ਮੰਡਲ ਮੈਜਿਸਟ੍ਰੇਟ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਕਾਰਡ ਜਲਦ ਤੋਂ ਜਲਦ ਬਣਵਾਏ ਜਾਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਰਥਿਕ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਦੀ ਹੈ ਅਤੇ ਸਿਹਤ ਸੰਬੰਧੀ ਖਰਚਿਆਂ ਵਿੱਚ ਮਹੱਤਵਪੂਰਨ ਰਾਹਤ ਮੁਹੱਈਆ ਕਰਵਾਉਂਦੀ ਹੈ, ਇਸ ਲਈ ਹਰ ਯੋਗ ਪਰਿਵਾਰ ਇਸ ਯੋਜਨਾ ਦਾ ਲਾਭ ਜ਼ਰੂਰ ਲਵੇ।

Leave a Reply

Your email address will not be published. Required fields are marked *