* ਵੱਖ-ਵੱਖ ਵਿਭਾਗਾਂ ਨੂੰ ਸਾਂਝੇ ਯਤਨਾਂ ਨਾਲ ਮੱਛਰ-ਜਨਿਤ ਬਿਮਾਰੀਆਂ ਦੇ ਖਾਤਮੇ ਲਈ ਦਿੱਤੇ ਨਿਰਦੇਸ਼
* ਭੱਠਿਆਂ ਅਤੇ ਫ਼ੈਕਟਰੀਆਂ ਵਿੱਚ ਆਉਣ ਵਾਲੇ ਪ੍ਰਵਾਸੀਆਂ ਦੀ ਕੀਤੀ ਜਾਵੇ ਨਿਰੰਤਰ ਮੈਡੀਕਲ ਜਾਂਚ
* ਵਿੱਦਿਅਕ ਅਤੇ ਸਿਹਤ ਸੰਸਥਾਵਾਂ ਜਾਗਰੂਕਤਾ ਕੈਂਪਾਂ ਰਾਹੀਂ ਆਵਾਮ ਨੂੰ ਕਰਨ ਸੁਚੇਤ
ਮਾਲੇਰਕੋਟਲਾ, 20 ਅਪ੍ਰੈਲ Bol Punjab De, Buero
ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਅਤੇ ਭਵਿੱਖ ਲਈ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿਛਲੇ ਸਾਲ ਦੌਰਾਨ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਮੁੜ ਜਾਂਚ ਕੀਤੀ ਜਾਵੇ ਅਤੇ ਝੁੱਗੀਆਂ-ਝੋਪੜੀਆਂ, ਕਬਾੜ ਦੀਆਂ ਦੁਕਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਫੋਗਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨਿਆ ਦੇ ਕੇਸਾਂ ਨੂੰ ਰੋਕਣ ਲਈ ਸਾਰੇ ਵਿਭਾਗਾਂ ਵੱਲੋਂ ਮਿਲਜੁਲ ਕੇ ਕੰਮ ਕਰਨਾ ਲਾਜ਼ਮੀ ਹੈ।
ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਬੁਖਾਰ ਦੇ ਮਾਮਲਿਆਂ ਦੀ ਸਮੇਂ-ਸਿਰ ਪਛਾਣ ਅਤੇ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਜ਼ਰੂਰੀ ਦਵਾਈਆਂ ਦੀ ਉਪਲਬੱਧਤਾ ਸੁਨਿਸ਼ਚਿਤ ਕੀਤੀ ਜਾਵੇ। ਇਸ ਦੇ ਨਾਲ ਹੀ ਭੱਠਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਦੀ ਨਿਯਮਿਤ ਮੈਡੀਕਲ ਜਾਂਚ ਕਰਨ ਲਈ ਵੀ ਕਿਹਾ ਗਿਆ।
ਮੀਟਿੰਗ ਦੌਰਾਨ ਇਹ ਵੀ ਜ਼ੋਰ ਦਿੱਤਾ ਗਿਆ ਕਿ ਘਰਾਂ ਅਤੇ ਆਸ-ਪਾਸ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ, ਕਿਉਂਕਿ ਇਹ ਮੱਛਰਾਂ ਦੀ ਪੈਦਾਵਾਰ ਦਾ ਮੁੱਖ ਕਾਰਨ ਹੁੰਦਾ ਹੈ। ਸ਼ਹਿਰੀ ਅਤੇ ਪਿੰਡਾਂ ਦੇ ਖੇਤਰਾਂ ਵਿੱਚ ਸਫ਼ਾਈ ਮੁਹਿੰਮਾਂ ਨੂੰ ਤੇਜ਼ ਕਰਨ ਅਤੇ ਨਿਕਾਸੀ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਵਿਭਾਗ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਜਾਂਚ ਯਕੀਨੀ ਬਣਾਉਣ ਲਈ ਕਿਹਾ, ਜਦਕਿ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਰਾਹੀਂ ਡੇਂਗੂ ਰੋਕਥਾਮ ਸਬੰਧੀ ਜਾਗਰੂਕਤਾ ਫੈਲਾਉਣ ਦੇ ਹੁਕਮ ਦਿੱਤੇ ਗਏ। ਸਿਹਤ ਵਿਭਾਗ ਵੱਲੋਂ ਫੋਗਿੰਗ ਅਤੇ ਜਾਗਰੂਕਤਾ ਅਭਿਆਨ ਲਗਾਤਾਰ ਚਲਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਕੂਲਰਾਂ, ਗਮਲਿਆਂ ਅਤੇ ਹੋਰ ਬਰਤਨਾਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਜੇਕਰ ਬੁਖਾਰ ਜਾਂ ਹੋਰ ਲੱਛਣ ਪ੍ਰਗਟ ਹੋਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਨਾਲ ਹੀ, ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਆਪਣੇ ਇਲਾਕੇ ਦੀ ਸਫ਼ਾਈ ਬਣਾਈ ਰੱਖਣ ਵਿੱਚ ਭਾਗੀਦਾਰੀ ਨਿਭਾਉਣ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਐਕਸ਼ੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਇੰਜੀ ਆਦਰਸ਼ ਨਿਰਮਲ, ਵੈਟਨਰੀ ਅਫਸਰ ਡਾ. ਵਿਕਰਮ ਕਪੂਰ, ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ, ਸਹਾਇਕ ਨਗਰ ਯੋਜਨਾਕਾਰ ਗੁਰਸੰਤ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ ।