** ਕਿਹਾ ਕਾਂਗਰਸ ਨੇ ਨਾਰੀ ਸ਼ਕਤੀ ਨਾਲ ਕੀਤਾ ਧੋਖਾ
ਦਰਸ਼ਨ ਸਿੰਘ ਚੌਹਾਨ, Bol Punjab De,Buero
ਸੁਨਾਮ — ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਵਿਖੇ ਭਾਜਪਾ ਮਹਿਲਾ ਮੋਰਚਾ ਵੱਲੋਂ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਵੱਡੀ ਗਿਣਤੀ ਮਹਿਲਾਵਾਂ ਨਾਲ ਰਵਾਨਾ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਆਖਿਆ ਕਿ ਕਾਂਗਰਸ ਪਾਰਟੀ ਵੱਲੋਂ ਨਾਰੀ ਸ਼ਕਤੀ ਨਾਲ ਵੱਡਾ ਧੋਖਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨੂੰ 33 ਪ੍ਰਤੀਸ਼ਤ ਰਾਖਵਾਂਕਰਨ ਦੇਣ ਵਾਲੇ ਮਹੱਤਵਪੂਰਨ ਬਿੱਲ ਨੂੰ ਪਾਸ ਹੋਣ ਤੋਂ ਰੋਕਿਆ ਗਿਆ, ਜੋ ਕਿ ਮਹਿਲਾਵਾਂ ਦੇ ਹੱਕਾਂ ਨਾਲ ਖਿਲਵਾੜ ਹੈ।
ਉਨ੍ਹਾਂ ਹੋਰ ਕਿਹਾ ਕਿ ਮਹਿਲਾਵਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਲਈ ਭਾਜਪਾ ਵੱਲੋਂ ਚੰਡੀਗੜ੍ਹ ਵਿਖੇ ਇਹ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਸ਼ਿਰਕਤ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਹਮੇਸ਼ਾ ਨਾਰੀ ਸ਼ਕਤੀ ਦੇ ਸਸ਼ਕਤੀਕਰਨ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਰਹੇਗੀ। ਉਨ੍ਹਾਂ ਕਿਹਾ ਕਿ ਜਦ ਤੱਕ ਮਹਿਲਾਵਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲਦਾ, ਇਸ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਸੰਘਰਸ਼ ਜਾਰੀ ਰਹਿਣਗੇ। ਭਾਜਪਾ ਆਗੂ ਦਾਮਨ ਬਾਜਵਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਮਹਿਲਾਵਾਂ ਨਾਲ ਧਰੋਹ ਕਮਾਇਆ ਹੈ। ਰਾਜ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਚਾਰ ਸਾਲ ਬੀਤ ਜਾਣ ਤੋਂ ਬਾਅਦ ਚੇਤੇ ਆਇਆ ਹੈ।ਇਸ ਮੌਕੇ ਭਾਜਪਾ ਜ਼ਿਲ੍ਹਾ ਮਹਿਲਾ ਮੋਰਚਾ ਹਰਪ੍ਰੀਤ ਕੌਰ ਖੁਰਾਣਾ, ਮੋਨਿਕਾ ਗੋਇਲ ਭਾਜਪਾ ਸਾਬਕਾ ਕੌਂਸਲਰ, ਰਾਜ ਕੌਰ ਭੁਟਾਲ ਕਲਾਂ, ਸੰਦੀਪ ਕੌਰ ਅਕਾਲਗੜ੍ਹ, ਪ੍ਰਿਤਪਾਲ ਕੌਰ, ਹਰਵੀਰ ਕੌਰ ਭੁਟਾਲ ਕਲਾਂ ਸਮੇਤ ਹੋਰ ਬੀਬੀਆਂ ਹਾਜ਼ਰ ਸਨ।