Headlines

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ 601.57 ਲੱਖ ਰੁਪਏ ਦੀ ਲਾਗਤ ਵਾਲੇ ਸੜਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਮਾਲੇਰਕੋਟਲਾ, 30 ਮਾਰਚ Bol Punjab De,Buero:

ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਅਧੀਨ 601.57 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮਾਲੇਰਕੋਟਲਾ-ਜਰਗ ਖੰਨਾ  ਤੋਂ ਆਦਮਵਾਲ  ਤੱਕ ਦੇ ਕੱਚੇ ਰਸਤੇ ਦੀ ਉਸਾਰੀ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਗੱਜਣਮਾਜਰਾ ਨੇ ਦੱਸਿਆ ਕਿ 5.60 ਕਿਲੋਮੀਟਰ ਲੰਬੀ ਇਹ ਸੜਕ ਮਾਲੇਰਕੋਟਲਾ ਬਾਈਪਾਸ ਦੇ ਤੌਰ ਤੇ ਮਾਲੇਰਕੋਟਲਾ-ਆਦਮਵਾਲ ਰੋਡ, ਮਾਲੇਰਕੋਟਲਾ-ਧੁਰੀ ਰੋਡ, ਮਾਲੇਰਕੋਟਲਾ –ਨਾਭਾ ਰੋੜ ਅਤੇ ਮਾਲੇਰਕੋਟਲਾ-ਜਰਗ ਖੰਨਾ ਰੋਡ ਨੂੰ ਜੋੜਦੀਆਂ ਰਾਣਵਾਂ ਨੂੰ ਸਿੱਧੇ ਤੌਰ ਤੇ ਜੋੜੇਗੀ । ਇਸ ਸੜਕ ਦੇ ਨਿਰਮਾਣ ਨਾਲ ਮਾਲੇਰਕੋਟਲਾ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਨਿਜਾਤ ਮਿਲੇਗੀ । ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਖੇਤਰ ਦੀ ਕਨੈਕਟਿਵਿਟੀ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ।

ਵਿਧਾਇਕ ਅਮਰਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਤਿਆਰ ਕਰ ਰਹੀ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੀ ਆੜ ਹੇਠ ਬਣਦੀਆਂ ਘਟੀਆ ਮਿਆਰ ਵਾਲੀਆਂ ਸੜਕਾਂ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਵਿਕਾਸੀ ਕੰਮ ਕਰਕੇ ਦਿਖਾਏ ਹਨ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਵਿਧਾਇਕ ਗੱਜਣਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਨਿਰਮਾਣ ਲਈ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਪੰਜਾਬ ਵਿੱਚ ਕਰੀਬ 43 ਹਜ਼ਾਰ ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦਾ ਰੱਖ-ਰਖਾਵ ਵੀ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਵੱਡੇ ਪੱਧਰ ’ਤੇ ਵਿਕਾਸੀ ਬਦਲਾਅ ਦੇਖਣ ਨੂੰ ਮਿਲੇ ਹਨ। ਨਹਿਰੀ ਪਾਣੀ ਹੁਣ ਉਹਨਾਂ ਖੇਤਰਾਂ ਤੱਕ ਪਹੁੰਚ ਗਿਆ ਹੈ ਜਿੱਥੇ ਪਿਛਲੇ 50-60 ਸਾਲਾਂ ਤੋਂ ਨਹੀਂ ਪਹੁੰਚ ਰਿਹਾ ਸੀ।

              ਵਿਧਾਇਕ ਨੇ ਕਿਹਾ ਕਿ ਇਨ੍ਹਾਂ ਸੜਕ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ।ਇਸ ਮੌਕੇ ਐਸ.ਡੀ.ਓ. ਇੰਜੀਨੀਅਰ ਬਲਪ੍ਰੀਤ ਸਿੰਘ, ਰਾਜੀਵ,ਗੁਰਪ੍ਰੀਤ ਸਿੰਘ ਬੀਟੂ ਭਨਭੌਰਾ ਅਤੇ ਸੀਨੀਅਰ ਪਾਰਟੀ ਆਗੂ, ਪੰਚਾਇਤੀ ਨੁਮਾਇੰਦੇ ਅਤੇ ਇਲਾਕਾ ਵਾਸੀ ਵੀ ਮੌਜੂਦ ਸਨ।

Leave a Reply

Your email address will not be published. Required fields are marked *