ਮਾਲੇਰਕੋਟਲਾ, 01 ਅਪ੍ਰੈਲ Bol Punjab De,Buero:
* ਕਿਹਾ,ਸਾਂਝੀ ਕੋਸ਼ਿਸ਼ਾਂ ਨਾਲ ਹੀ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।* ਅਧਿਕਾਰੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ- ਡਿਪਟੀ ਕਮਿਸ਼ਨਰ।

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਨਕਾਰਡ) ਦੀ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਂਝੇ ਉਪਰਾਲੇ ਸ਼ੁਰੂ ਕਰਕੇ ਜ਼ਿਲੇ ਨੂੰ ਨਸ਼ਾ ਮੁਕਤ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ, ਤਾਂ ਹੀ ਨਸ਼ਿਆਂ ਵਿਰੁੱਧ ਚੱਲ ਰਹੀ ਇਹ ਮੁਹਿੰਮ ਕਾਮਯਾਬ ਹੋ ਸਕੇਗੀ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਹਰ ਵੇਲੇ ਲੋੜੀਂਦੀਆਂ ਦਵਾਈਆਂ, ਉਪਕਰਨ, ਟੈਸਟਿੰਗ ਕਿੱਟਾਂ ਅਤੇ ਤਜਰਬੇਕਾਰ ਸਟਾਫ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ। ਨਾਲ ਹੀ ਨਸ਼ੇ ਦੀ ਲਤ ਤੋਂ ਪੀੜਤ ਮਰੀਜ਼ਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨ ਲਈ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਕਾਊਂਸਲਿੰਗ ਸੈਸ਼ਨਾਂ ‘ਤੇ ਖਾਸ ਧਿਆਨ ਦਿੱਤਾ ਜਾਵੇ।
ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਦਿੱਤੀ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਕਾਰਕ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯਮਿਤ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਵਿੱਚ ਫਸੇ ਵਿਅਕਤੀਆਂ ਨੂੰ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਅਤੇ ਹੋਰ ਸੈਂਟਰਾਂ ਵਿੱਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ਼ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਮੀਟਿੰਗ ਦੌਰਾਨ ਡੀ.ਐੱਸ.ਪੀ (ਐਨ.ਡੀ.ਪੀ.ਐਸ) ਯਾਦਵਿੰਦਰ ਸਿੰਘ ਨੇ ਪੁਲਿਸ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ 87 ਕੇਸ ਦਰਜ ਕਰਕੇ 98 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 376 ਗ੍ਰਾਮ ਹੈਰੋਇਨ, 20 ਕਿਲੋ ਭੁੱਕੀ, 1050 ਨਸ਼ੀਲੀਆਂ ਗੋਲੀਆਂ/ਕੈਪਸੂਲ, 6 ਕਿਲੋ 90 ਗ੍ਰਾਮ ਹਰੇ ਨਸ਼ੀਲੇ ਬੂਟੇ ਅਤੇ 3 ਵਾਹਨ ਵੀ ਜ਼ਬਤ ਕੀਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਮਰਗੜ੍ਹ ਹਰਬੰਸ ਸਿੰਘ, ਮਨੋਰੋਗ ਦੇ ਮਾਹਿਰ ਡਾ. ਸ਼ਗੂਫਤਾ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ, ਜ਼ਿਲ੍ਹਾ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ, ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਮਨਪ੍ਰੀਤ ਕੌਰ, ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ ਅਤੇ ਫੂਡ ਸੇਫਟੀ ਅਫਸਰ ਸੰਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।