— ਕਿਹਾ ਮੁਲਾਜ਼ਮਾਂ ਦੇ ਵਾਅਦੇ ਵੀ ਨਹੀਂ ਕੀਤੇ ਪੂਰੇ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰਜ਼ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਡਾਢੇ ਨਰਾਜ਼ ਦਿਖਾਈ ਦੇ ਰਹੇ ਹਨ। ਸੋਮਵਾਰ ਨੂੰ ਸੁਨਾਮ ਵਿਖੇ ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਚੰਦ ਅਗਰਵਾਲ, ਜਨਰਲ ਸਕੱਤਰ ਚੇਤ ਰਾਮ ਢਿੱਲੋਂ ਅਤੇ ਪ੍ਰਕਾਸ਼ ਸਿੰਘ ਕੰਬੋਜ਼ ਨੇ ਸੂਬੇ ਦੀ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਪਹਿਲੀ ਵਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਜੇ ਤੱਕ ਪੈਨਸ਼ਨ ਅਤੇ ਤਨਖਾਹ ਨਹੀਂ ਦਿੱਤੀ ਗਈ। ਉਨ੍ਹਾਂ ਆਖਿਆ ਕਿ ਸੇਵਾ ਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਸਹਾਰੇ ਨਾਲ ਹੀ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਪੈਂਦਾ ਹੈ, ਜੇਕਰ ਪੈਨਸ਼ਨ ਹੀ ਨਾ ਮਿਲੇ ਤਾਂ ਘਰ ਦਾ ਗੁਜ਼ਾਰਾ ਕਿਵੇਂ ਚੱਲੇਗਾ। ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਨੇ ਆਖਿਆ ਕਿ ਸੂਬੇ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਦਾ ਖਮਿਆਜ਼ਾ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਡੀ ਏ ਦੀਆਂ ਰਹਿਦੀਆਂ ਕਿਸ਼ਤਾਂ ਵੀ ਨਹੀਂ ਦੇ ਰਹੀ ਜਦਕਿ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਨਿਰੰਤਰ ਜਾਰੀ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਡੀਏ ਦੀਆਂ ਕਿਸ਼ਤਾਂ ਤੁਰੰਤ ਦੇਣ ਨੂੰ ਯਕੀਨੀ ਬਣਾਵੇ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦਾ ਬਕਾਇਆ ਡੀਏ 30 ਜੂਨ ਤੱਕ ਦੇਣ ਦਾ ਆਦੇਸ਼ ਦਿੱਤਾ ਹੈ।