** ਕਿਹਾ ਕਿਸਾਨਾਂ ਦੀ ਖੱਜਲ ਖ਼ੁਆਰੀ ਨਹੀਂ ਕਰਾਂਗੇ ਬਰਦਾਸ਼ਤ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਸਹਿਕਾਰੀ ਬੈਂਕ ਵੱਲੋਂ ਕਿਸਾਨਾਂ ਨੂੰ ਵਧੇ ਹੱਦ ਕਰਜ਼ੇ ਅਨੁਸਾਰ ਫ਼ਸਲੀ ਕਰਜ਼ਾ ਦੇਣ ਤੋਂ ਇਨਕਾਰ ਕੀਤੇ ਜਾਣ ਦੇ ਸਿੱਟੇ ਵਜੋਂ ਕਿਸਾਨਾਂ ‘ਚ ਫ਼ੈਲ ਰਹੀ ਬੇਚੈਨੀ ਦਾ ਮਸਲਾ ਕਿਸਾਨਾਂ ਦੀ ਖੇਤੀ ਨੂੰ ਸੰਕਟ ਵਿੱਚ ਪਾਉਣ ਵਾਲਾ ਹੈ। ਸਹਿਕਾਰੀ ਬੈਕਾਂ ਦੇ ਇਸ ਕਿਸਾਨ ਦੋਖੀ ਰਵੱਈਏ ਦਾ ਸਖ਼ਤ ਨੋਟਿਸ ਲੈਂਦਿਆਂ ਜਿੱਥੇ ਨਿੰਦਾ ਕੀਤੀ ਉੱਥੇ ਕਰਜ਼ਾ ਨਾ ਦੇਣ ਦੀ ਸੂਰਤ ਵਿੱਚ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ। ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਸਹਿਕਾਰੀ ਬੈਂਕਾਂ ਨੂੰ ਖੇਤੀ ਕਰਜ਼ਾ ਦੇਣ ਲਈ ਫੌਰੀ ਪਾਬੰਦ ਕਰੇ। ਕਿਸਾਨ ਪਹਿਲਾਂ ਹੀ ਲਗਾਤਾਰ ਕੁਦਰਤੀ ਆਫ਼ਤਾ ਦਾ ਸਾਹਮਣਾ ਕਰਦੇ ਨੁਕਸਾਨ ਦੀ ਮਾਰ ਹੇਠ ਹਨ। ਉੱਪਰੋਂ ਇਹ ਬੈਂਕ ਕਿਸਾਨਾਂ ਨੂੰ ਅਗਲੀ ਫਸਲ ਲਈ ਹੱਦ ਕਰਜ਼ਾ ਦੇਣ ਤੋਂ ਹੱਥ ਪਿੱਛੇ ਖਿੱਚ ਕੇ ਹੋਰ ਪਰੇਸ਼ਾਨੀ ਪੈਦਾ ਕਰ ਰਹੇ ਹਨ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਰਜਿਸਟਰਾਰ ਸਹਿਕਾਰਤਾ ਵਿਭਾਗ ਚੰਡੀਗੜ੍ਹ ਪੰਜਾਬ ਵੱਲੋਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਂਬਰ ਕਿਸਾਨਾਂ ਨੂੰ ਅਗਲੀ ਸਾਉਣੀ ਅਤੇ ਹਾੜ੍ਹੀ ਦੀ ਫ਼ਸਲ ਲਈ ਐੱਮ ਸੀ ਐੱਲ ਪਾਸ ਕਰਕੇ ਕੇਂਦਰੀ ਸਹਿਕਾਰੀ ਬੈਂਕਾਂ ਨੂੰ ਇਹ ਕਰਜ਼ਾ ਦੇਣ ਲਈ ਪੱਤਰ ਜਾਰੀ ਕੀਤਾ ਹੈ ਲੇਕਿਨ ਇਸ ਦੇ ਬਾਵਜੂਦ ਕਿਸਾਨਾਂ ਨਾਲ ਬੁਰਾ ਸਲੂਕ ਕੀਤਾ ਜਾ ਰਿਹਾ ਹੈ।
ਕਿਸਾਨ ਆਗੂ ਚੱਠਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੱਲ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਲਈ ਮਜ਼ਬੂਰ ਹੋਵੇਗੀ।