— ਕਿਹਾ ਕਣਕ ਦੀ ਪੇਮੈਂਟ ਨੂੰ ਬਣਾਇਆ ਜਾਵੇ ਯਕੀਨੀ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬੈਂਕਾਂ ਨੂੰ ਕਣਕ ਦੀ ਫ਼ਸਲ ਦੀ ਅਦਾਇਗੀ ਬਿਨਾਂ ਦੇਰੀ ਤੋਂ ਕਰਨ ਲਈ ਆਖਿਆ ਹੈ। ਜਥੇਬੰਦੀ ਦਾ ਤਰਕ ਹੈ ਕਿ ਕਣਕ ਵੇਚਿਆ ਨੂੰ ਮਹੀਨੇ ਦਾ ਸਮਾਂ ਬੀਤ ਗਿਆ ਹੈ ਪਰੰਤੂ ਕਿਸਾਨਾਂ ਨੂੰ ਬੈਂਕਾਂ ਤੋਂ ਪੈਸਾ ਨਹੀਂ ਮਿਲ ਰਿਹਾ। ਬੁੱਧਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਕਿਸਾਨਾਂ ਨੇ ਕਣਕ ਦੀ ਸਾਰੀ ਫਸਲ ਵੇਚ ਦਿੱਤੀ ਹੈ ਪਰੰਤੂ ਬੈਂਕਾਂ ਦੀ ਤਰਫੋਂ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ, ਅਸਲ ਵਿੱਚ ਉਕਤ ਮਾਮਲੇ ਤੇ ਕੇਂਦਰ ਅਤੇ ਸੂਬਾ ਸਰਕਾਰ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਅੰਦਰ ਸਹਿਕਾਰੀ ਸਭਾਵਾਂ ਵੱਲੋਂ ਵੀ ਕਿਸਾਨਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਇੱਕ ਪਾਸੇ ਸਰਕਾਰ ਆਖ ਰਹੀ ਹੈ ਕਿ ਕਿਸਾਨਾਂ ਦਾ ਹੱਦ ਕਰਜਾ ਵਧਾ ਦਿੱਤਾ ਹੈ ਬਾਵਜੂਦ ਇਸ ਦੇ ਬੈਂਕ ਉਕਤ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਹੋ ਰਹੇ ਹਨ। ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਕੇਂਦਰੀ ਹਕੂਮਤ ਵੱਲੋਂ ਕੀਤੇ ਜਾ ਰਹੇ ਹੱਲੇ ਨੂੰ ਲੈਕੇ 10 ਮਈ ਨੂੰ ਸੰਗਰੂਰ ਦੇ ਜੇਜੀ ਪੈਲੇਸ ਵਿਖੇ ਕਿਸਾਨ ਕਾਨਫਰੰਸ ਕੀਤੀ ਜਾ ਰਹੀ ਹੈ । ਪੰਜਾਬ ਅਤੇ ਹਰਿਆਣੇ ਦੀ ਹਿੱਸੇਦਾਰੀ ਨੂੰ ਖਤਮ ਕੀਤਾ ਜਾ ਰਿਹਾ ਹੈ ਜਦਕਿ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨਾਂ ਮਜ਼ਦੂਰਾਂ ਦੀ ਤਰਫੋਂ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਵੱਲ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਬਹਾਲ ਸਿੰਘ ਢੀਂਡਸਾ , ਅਮਨਦੀਪ ਸਿੰਘ ਮਹਿਲਾਂ ,ਬਹਾਦਰ ਸਿੰਘ ਭੁਟਾਲ , ਜਗਤਾਰ ਸਿੰਘ ਲੱਡੀ , ਹਰਬੰਸ ਸਿੰਘ ਲੱਡਾ, ਬੰਟੀ ਮੂਣਕ ,ਹਰਜੀਤ ਸਿੰਘ ਮਹਿਲਾਂ ,ਮਿਸ਼ਰਾ ਸਿੰਘ ਨਿਹਾਲਗੜ੍ਹ, ਜਸਵੰਤ ਸਿੰਘ ਤੋਲਾਵਾਲ, ਬਲਵਿੰਦਰ ਸਿੰਘ ਘਨੌੜ ਜੱਟਾਂ, ਸੁਖਪਾਲ ਸਿੰਘ ਮਾਣਕ ਆਦਿ ਹਾਜ਼ਰ ਸਨ।