ਬਰਨਾਲਾ Bol Punjab De, Buero
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਵੱਲੋਂ ਦਿੱਤੇ ਗਏ ਇੱਕ ਬਿਆਨ ਨੂੰ ਲੈ ਕੇ ਬਰਨਾਲਾ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਾਬਕਾ ਵਿਧਾਇਕ ਅਤੇ ਮਰਹੂਮ ਆਗੂ ਪ੍ਰਧਾਨ ਮਲਕੀਤ ਸਿੰਘ ਕੀਤੂ ਦੇ ਪਰਿਵਾਰ ਵੱਲੋਂ ਢਿੱਲੋਂ ਦੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ।
ਪਰਿਵਾਰਕ ਮੈਂਬਰ ਨੇ ਸੋਸ਼ਲ ਮੀਡੀਆ ਰਾਹੀਂ ਜਾਰੀ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮਲਕੀਤ ਸਿੰਘ ਕੀਤੂ ਨੂੰ ਇਸ ਦੁਨੀਆ ਤੋਂ ਗਏ ਇੱਕ ਦਹਾਕੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਅੱਜ ਵੀ ਉਨ੍ਹਾਂ ਦਾ ਪ੍ਰਭਾਵ ਅਤੇ ਲੋਕਾਂ ਨਾਲ ਸਬੰਧ ਇਸ ਗੱਲ ਤੋਂ ਸਪੱਸ਼ਟ ਹੁੰਦੇ ਹਨ ਕਿ ਸਿਆਸੀ ਚਰਚਾਵਾਂ ਵਿੱਚ ਉਨ੍ਹਾਂ ਦਾ ਜ਼ਿਕਰ ਕੀਤਾ ਜਾਂਦਾ ਹੈ।
ਉਹਨਾਂ ਦੇ ਪੁੱਤਰ ਕੁਲਵੰਤ ਸਿੰਘ ਕੀਤੂ ਨੇ ਅੱਜ ਪ੍ਰੈਸ ਕਾਂਨਫਰੰਸ ਕਰਕੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਮਾਤਾ-ਪਿਤਾ ਵੱਲੋਂ ਵੱਡਿਆਂ ਦਾ ਸਤਿਕਾਰ ਕਰਨ ਦੀ ਸਿੱਖਿਆ ਮਿਲੀ ਹੈ ਅਤੇ ਉਹ ਇਸੇ ਰਾਹ ‘ਤੇ ਚੱਲਣਗੇ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਲੋਕਾਂ ਤੋਂ ਪੁੱਛਿਆ ਜਾਵੇ ਤਾਂ ਉਹ ਖੁਦ ਮਲਕੀਤ ਸਿੰਘ ਕੀਤੂ ਦੇ ਸਿਆਸੀ ਅਤੇ ਨਿੱਜੀ ਜੀਵਨ ਬਾਰੇ ਆਪਣੀ ਰਾਏ ਦੇਣਗੇ।
ਉਹਨਾਂ ਅੱਗੇ ਕਿਹਾ ਕਿ ਮਰਹੂਮ ਪ੍ਰਧਾਨ ਕੀਤੂ ਦੇ ਜਨ ਜੀਵਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਪੰਜਾਬ ਟਰੱਕ ਆਪਰੇਟਰਜ਼ ਯੂਨੀਅਨ ਦੇ ਪ੍ਰਧਾਨ ਰਹੇ ਅਤੇ ਉਨ੍ਹਾਂ ਨੇ ਆਪਣਾ ਜੀਵਨ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ। ਪਰਿਵਾਰ ਦਾ ਦਾਅਵਾ ਹੈ ਕਿ ਉਹ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜੇ ਰਹੇ ਅਤੇ ਹਰ ਵਰਗ ਨਾਲ ਉਨ੍ਹਾਂ ਦੇ ਨਿੱਘੇ ਸਬੰਧ ਸਨ।
ਪਰਿਵਾਰਕ ਮੈਂਬਰ ਨੇ ਐਲਾਨ ਕੀਤਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਮਰਹੂਮ ਆਗੂ ਪ੍ਰਤੀ ਲੋਕਾਂ ਦੀਆਂ ਯਾਦਾਂ ਅਤੇ ਵਿਚਾਰ ਜਾਣਨ ਦੀ ਕੋਸ਼ਿਸ਼ ਕਰਨਗੇ।
ਉਨ੍ਹਾਂ ਸਵਾਲ ਕੀਤਾ ਕਿ ਕੀ ਆਮ ਲੋਕ ਢਿੱਲੋਂ ਨਾਲ ਉਸੇ ਤਰ੍ਹਾਂ ਦਾ ਨਿੱਜੀ ਸਬੰਧ ਮਹਿਸੂਸ ਕਰਦੇ ਹਨ, ਜਿਵੇਂ ਉਹ ਪ੍ਰਧਾਨ ਮਲਕੀਤ ਸਿੰਘ ਕੀਤੂ ਨਾਲ ਕਰਦੇ ਸਨ।
ਇਸ ਦੇ ਨਾਲ ਹੀ ਕੁਲਵੰਤ ਸਿੰਘ ਕੀਤੂ ਨੇ ਭਾਜਪਾ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੇ ਨਾਲ ਉਨ੍ਹਾਂ ਨੂੰ ਵੀ ਸਿਆਸੀ ਹਕੀਕਤਾਂ ਦਾ ਅਹਿਸਾਸ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਬਰਨਾਲਾ ਦੇ ਲੋਕ ਪਹਿਲਾਂ ਹੀ ਆਪਣੀ ਰਾਏ ਬਣਾ ਚੁੱਕੇ ਹਨ।
ਅੰਤ ਵਿੱਚ ਕਿਥੋ ਨੇ ਕਿਹਾ ਕਿ ਉਹ ਕੇਵਲ ਸਿੰਘ ਢਿੱਲੋਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਦੌਰਾਨ ਲੋਕਾਂ ਤੋਂ ਮੁਆਫ਼ੀ ਨਹੀਂ ਮੰਗੀ ਜਾਂਦੀ ਤਾਂ ਉਹ ਕਾਨੂੰਨੀ ਸਲਾਹ ਲੈ ਕੇ ਅਗਲੀ ਕਾਰਵਾਈ ਬਾਰੇ ਫ਼ੈਸਲਾ ਕਰਨਗੇ।
ਫਿਲਹਾਲ ਕੇਵਲ ਸਿੰਘ ਢਿੱਲੋਂ ਵੱਲੋਂ ਇਸ ਬਿਆਨ ‘ਤੇ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਵਿਵਾਦ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਅਤੇ ਪੰਜਾਬ ਦੀ ਸਿਆਸਤ ਵਿੱਚ ਹੋਰ ਚਰਚਾ ਦਾ ਵਿਸ਼ਾ ਬਣ ਸਕਦਾ ਹੈ।