— ਕਿਹਾ ਕਾਂਗਰਸ ਤੇ ” ਆਪ ” ਦਾ ਰਵਈਆ ਮੁਲਾਜ਼ਮ ਵਿਰੋਧੀ
** ਅਦਾਲਤਾਂ ਦੇ ਹੁਕਮਾਂ ਨੂੰ ਨਹੀਂ ਕੀਤਾ ਜਾ ਰਿਹਾ ਲਾਗੂ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠੇ ਨਗਰ ਕੌਂਸਲ ਸੁਨਾਮ ਦੇ ਸਫ਼ਾਈ ਕਾਮਿਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਮੁਲਾਕਾਤ ਕਰਕੇ ਮੰਗਾਂ ਦੀ ਹਮਾਇਤ ਕੀਤੀ। ਮਿਉਂਸਪਲ ਮੁਲਾਜਮ ਐਕਸਨ ਕਮੇਟੀ ਅਤੇ ਸਫਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਕੰਮ-ਛੋੜ ਹੜਤਾਲ ਦੀ ਹਮਾਇਤ ਕਰਦਿਆਂ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਸੂਬੇ ਦੀ ਸਰਕਾਰ ਨੂੰ ਬਿਨਾਂ ਦੇਰੀ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਅੱਜ ਤੋਂ ਕਰੀਬ 9 ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ 2017 ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ ਪਰ ਕਾਂਗਰਸ ਪਾਰਟੀ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦਾ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਹਨਾਂ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੀ ਇਹਨਾਂ ਮੁਲਾਜ਼ਮਾਂ ਨੂੰ 6 ਹਫ਼ਤਿਆਂ ਦੇ ਅੰਦਰ ਸਰਵਿਸ ਬੁੱਕ ਲਗਾ ਕੇ ਪੱਕੇ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅੱਜ 7 ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਠੇਕੇਦਾਰੀ ਪ੍ਰਥਾ ਖਤਮ ਕਰਨਾ ਅਤੇ ਤਨਖਾਹਾਂ ਵਿੱਚ ਵਾਧਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਉਨ੍ਹਾਂ ਆਖਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸ਼੍ਰੋਮਣੀ ਅਕਾਲੀ ਦਲ ਇਹਨਾਂ ਦੇ ਹੱਕਾਂ ਲਈ ਸਰਕਾਰ ਖ਼ਿਲਾਫ਼ ਡੱਟ ਕੇ ਲੜਾਈ ਲੜੇਗਾ। ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹਨਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਵੀ ਬਹਾਲ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਕੌਂਸਲ ਦੇ ਕਰਮਚਾਰੀ ਅਤੇ ਸਫ਼ਾਈ ਸੇਵਕ ਹਾਜ਼ਰ ਸਨ।