Headlines

ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤ ਪਾਲਣਾ ਯਕੀਨੀ ਬਣਾਈ ਜਾਵੇ: ਐਸ.ਡੀ.ਐਮ ਕਨੂ ਗਰਗ

ਮਾਲੇਰਕੋਟਲਾ 10 ਅਪ੍ਰੈਲ Bol Punjab De, Buero 

* ਸਕੂਲੀ ਬੱਚਿਆਂ ਦੀ ਸੁਰੱਖਿਆ ਸਬੰਧਤ ਵਿਭਾਗਾਂ ਦੀ ਨੈਤਿਕ ਜਿੰਮੇਵਾਰੀ
• ਟਰਾਂਸਪੋਰਟ, ਪੁਲਿਸ ਅਤੇ ਬਾਲ ਸੁੱਰਖਿਆ ਵਿਭਾਗ ਵੱਲੋਂ ਸਾਂਝੇ ਚੈਕਿੰਗ ਅਭਿਆਨ ਚਲਾਉਣ ਦਾ ਫੈਸਲਾ

ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦਿੰਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ‘ਤੇ ਇੱਕ ਅਹਿਮ ਮੀਟਿੰਗ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਰੀਜਨਲ ਟਰਾਂਸਪੋਰਟ ਅਫਸਰ ਕਰਨਵੀਰ ਸਿੰਘ ਛੀਨਾ, ਸਹਾਇਕ ਟਰਾਂਸਪੋਰਟ ਅਫਸਰ ਸ਼ਹਿਨਾਜ ਪ੍ਰਵੀਨ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਸੰਧੂ, ਐੱਸ.ਐਚ.ਓ ਸਿਟੀ ਮਾਲੇਰਕੋਟਲਾ-1 ਬਲਵੀਰ ਸਿੰਘ, ਡਿਪਟੀ ਡੀ.ਈ.ਓ ਮਨਜੀਤ ਕੌਰ ਸਮੇਤ ਹੋਰ ਸੰਬੰਧਤ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਹੋਏ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਐਸ.ਡੀ.ਐਮ ਕਨੂ ਗਰਗ ਨੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਬੱਸਾਂ ਅਤੇ ਹੋਰ ਵਾਹਨਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਇੱਕ ਸਕੂਲ ਦੀ ਪੂਰਨ ਜਿੰਮੇਵਾਰੀ ਪ੍ਰਿੰਸੀਪਲ ਦੀ ਹੁੰਦੀ ਹੈ ਇਸ ਕਰਕੇ ਉਹ ਆਪਣੇ ਸਕੂਲ ਵਾਹਨਾਂ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ, ਡਰਾਈਵਰਾਂ ਅਤੇ ਕੰਡਕਟਰਾਂ ਦੀ ਯੋਗਤਾ ਅਤੇ ਲਾਇਸੈਂਸ ਦੀ ਜਾਂਚ ਕਰਨ ਅਤੇ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਸਮੇਂ-ਸਿਰ ਅਪਡੇਟ ਰੱਖਣ ਨੂੰ ਯਕੀਨੀ ਬਣਾਉਣ।
ਰੀਜਨਲ ਟਰਾਂਸਪੋਰਟ ਅਫਸਰ ਕਰਨਵੀਰ ਸਿੰਘ ਛੀਨਾ ਵੱਲੋਂ ਸੁਝਾਅ ਦਿੱਤਾ ਗਿਆ ਕਿ ਡਰਾਈਵਰਾਂ, ਕੰਡਕਟਰਾਂ ਅਤੇ ਵਿਦਿਆਰਥੀਆਂ ਵਿੱਚ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਵਧਾਉਣ ਲਈ ਸਕੂਲ ਬੱਸਾਂ ਵਿੱਚ ਜਾਣਕਾਰੀ ਚਿੰਨ੍ਹ ਅਤੇ ਸੁਰੱਖਿਆ ਸਬੰਧੀ ਨਿਰਦੇਸ਼ ਚਸਪਾ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸਮੇਂ-ਸਮੇਂ ‘ਤੇ ਜਾਗਰੂਕਤਾ ਮੁਹਿੰਮ ਅਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਏ ਜਾਣ ।
ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਸਕੂਲ ਵਾਹਨਾਂ ਦੀ ਨਿਯਮਿਤ ਅਤੇ ਅਚਨਚੇਤ ਚੈਕਿੰਗ ਕੀਤੀ ਜਾਵੇ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ, ਬਾਲ ਸੁੱਰਖਿਆ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਕੀਤੀ ਜਾਵੇਗੀ।
ਐਸ.ਡੀ.ਐਮ ਨੇ ਸੰਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕਿਸੇ ਵੀ ਪੱਧਰ ‘ਤੇ ਕੋਈ ਕੋਤਾਹੀ ਨਾ ਵਰਤੀ ਜਾਵੇ ਅਤੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ, ਤਾਂ ਜੋ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਯਕੀਨੀ ਬਣਾਈ ਜਾ ਸਕੇ ।

Leave a Reply

Your email address will not be published. Required fields are marked *