Headlines

” ਆਪ ” ਸਰਕਾਰ ਨੇ ਹੜ੍ਹਾਂ ਦੇ ਨੁਕਸਾਨ ਤੋਂ ਨਹੀਂ ਲਿਆ ਸਬਕ– ਚੱਠਾ 

Oplus_16908288

* ਕਿਹਾ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਅੰਦਰ ਪਿਛਲੇ ਸਾਲ ਆਏ ਹੜ੍ਹਾਂ ਤੋਂ ਕੋਈ ਸਬਕ ਨਹੀਂ ਸਿੱਖਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ ਬਣਿਆ ਹੋਇਆ ਹੈ। ਐਤਵਾਰ ਨੂੰ ਸੁਨਾਮ ਵਿਖੇ ਖੇਤੀਬਾੜੀ ਵਿਕਾਸ ਬੈਂਕ ਮੂਹਰੇ ਧਰਨਾ ਦੇਕੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੀ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਸਮੇਂ ਸਿਰ ਘਟਾਉਣ ਲਈ ਲੋੜੀਂਦੇ ਕਦਮ ਨਾ ਚੁੱਕਣ ਕਾਰਨ ਲੱਖਾਂ ਏਕੜ ਫਸਲਾਂ ਤਬਾਹ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ, ਪਿਛਲੇ ਸਾਲ ਪੰਜਾਬ ਦੇ ਲੋਕਾਂ ਨੂੰ ਕਰੋੜਾਂ ਰੁਪਏ ਦਾ ਆਰਥਿਕ ਨੁਕਸਾਨ ਝੱਲਣਾ ਪਿਆ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਇਸ ਤਜਰਬੇ ਤੋਂ ਸਬਕ ਸਿੱਖਣ ਦੀ ਬਜਾਏ ਇਸ ਵਾਰ ਵੀ ਉਹੀ ਨੀਤੀ ਅਪਣਾਈ ਜਾ ਰਹੀ ਹੈ।

ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਡੈਮ ਵਿੱਚੋਂ ਪਾਣੀ ਹੌਲੀ-ਹੌਲੀ ਛੱਡਕੇ ਪੱਧਰ ਨੂੰ ਘਟਾਇਆ ਜਾਂਦਾ ਹੈ, ਪਰ ਇਸ ਵਾਰ ਸਮੇਂ ਸਿਰ ਪਾਣੀ ਰਿਲੀਜ਼ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਭਾਖੜਾ ਡੈਮ ਵਿੱਚ ਇਸ ਸਮੇਂ ਕਰੀਬ 21 ਫੁੱਟ ਵੱਧ ਪਾਣੀ ਸਟੋਰ ਹੈ, ਜੋ ਪੰਜਾਬ ਅੰਦਰ ਭਵਿੱਖ ਵਿੱਚ ਖਤਰਨਾਕ ਸਥਿਤੀ ਪੈਦਾ ਕਰ ਸਕਦਾ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਰੋਜ਼ ਕਰੀਬ ਅੱਧਾ ਫੁੱਟ ਪਾਣੀ ਛੱਡਣ ਦੀ ਗੱਲ ਕੀਤੀ ਜਾ ਰਹੀ ਹੈ, ਪਰ ਇਸ ਰਫ਼ਤਾਰ ਨਾਲ ਪਿਛਲੇ ਸਾਲ ਵਾਲੇ ਪੱਧਰ ਤੱਕ ਪਹੁੰਚਣ ਲਈ ਲਗਭਗ ਡੇਢ ਮਹੀਨਾ ਲੱਗੇਗਾ। ਇਸ ਦੌਰਾਨ ਮਾਨਸੂਨ ਅਤੇ ਪਹਾੜੀ ਇਲਾਕਿਆਂ ਤੋਂ ਆਉਣ ਵਾਲੇ ਵਾਧੂ ਪਾਣੀ ਕਾਰਨ ਹੜ੍ਹਾਂ ਦਾ ਖਤਰਾ ਬਣਿਆ ਰਹਿ ਸਕਦਾ ਹੈ।ਉਨ੍ਹਾਂ ਦਰਿਆਵਾਂ ਦੇ ਕਿਨਾਰਿਆਂ ਅਤੇ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਕਿਸਾਨ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੇਮ ਨਾਲਿਆਂ ਦੀ ਤੁਰੰਤ ਸਫਾਈ ਕਰਵਾਈ ਜਾਵੇ, ਦਰਿਆਵਾਂ ਦੇ ਕਮਜ਼ੋਰ ਬੰਨ੍ਹਾਂ ਨੂੰ ਪੱਥਰਾਂ ਅਤੇ ਜਾਲੀਆਂ ਨਾਲ ਮਜ਼ਬੂਤ ਕੀਤਾ ਜਾਵੇ , ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ।

ਚੱਠਾ ਨੇ ਕਿਹਾ ਕਿ ਸਰਕਾਰ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਲੋਕਾਂ ਦੀ ਜਾਨ-ਮਾਲ ਅਤੇ ਫਸਲਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Leave a Reply

Your email address will not be published. Required fields are marked *