Headlines

ਸੁਨਾਮ ਚ, ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ 

** ਕਿਹਾ ਸਰਕਾਰਾਂ ਵੱਲੋਂ ਕਿਸਾਨਾਂ ਤੇ ਕੀਤਾ ਜਾ ਰਿਹਾ ਤਸ਼ੱਦਦ 

ਦਰਸ਼ਨ ਸਿੰਘ ਚੌਹਾਨ, 

ਸੁਨਾਮ — ਦਰਿਆਈ ਪਾਣੀਆਂ ਦੀ ਰਾਖੀ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਪੰਜਾਬ ਦੀ ਹਿੱਸੇਦਾਰੀ ਬਰਕਰਾਰ ਰੱਖਣ ਸਮੇਤ ਹੋਰਨਾਂ ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਜਾਂਦੇ ਕਿਸਾਨਾਂ ਉੱਪਰ ਵਹਿਸ਼ੀਆਨਾ ਢੰਗ ਨਾਲ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਰੋਸ ਵਜੋਂ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ, ਭਗਵਾਨ ਸਿੰਘ ਸੁਨਾਮ, ਯਾਦਵਿੰਦਰ ਸਿੰਘ ਚੱਠੇ ਨਕਟੇ ਅਤੇ ਰਾਮ ਸ਼ਰਨ ਸਿੰਘ ਉਗਰਾਹਾਂ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਪੰਜਾਬ ਦੇ ਦਰਿਆਈ ਪਾਣੀਆਂ ਤੇ ਡਾਕਾ ਮਾਰਨ ਲਈ ਕੋਝੇ ਹਥਕੰਡੇ ਵਰਤ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਪੰਜਾਬ ਦੀ ਹਿੱਸੇਦਾਰੀ ਖਤਮ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੇ ਹੱਕਾਂ ਦੀ ਰਾਖੀ ਲਈ ਪੰਜਾਬ ਦੇ ਕਿਸਾਨ ਪੰਜਾਬ ਦੇ ਗਵਰਨਰ ਰਾਹੀਂ ਕੇਂਦਰ ਸਰਕਾਰ ਦੇ ਨਾਂਅ ਸ਼ਾਂਤਮਈ ਢੰਗ ਨਾਲ ਮੰਗ ਪੱਤਰ ਦੇਣ ਜਾ ਰਹੇ ਸਨ ਬਾਵਜੂਦ ਇਸ ਦੇ ਪੁਲਿਸ ਨੇ ਵਹਿਸ਼ੀਆਨਾ ਢੰਗ ਨਾਲ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਉਨ੍ਹਾਂ ਆਖਿਆ ਕਿ ਸੂਬੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਣਗੀਆਂ। 

Leave a Reply

Your email address will not be published. Required fields are marked *