Headlines

ਸੁਨਾਮ ਵਿਖੇ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਨੇ ਅਹੁਦਾ ਸੰਭਾਲਿਆ 

Oplus_16908288

**ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਸੰਦੀਪ ਵਿਰਕ ਸੋਨੀ ਨੇ ਸੰਭਾਲੀ 

— ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜ ਤੇਜ਼ੀ ਨਾਲ ਕਰਾਉਣ ਲਈ ਪ੍ਰੇਰਿਆ 

ਦਰਸ਼ਨ ਸਿੰਘ ਚੌਹਾਨ, Bol Punjab De, Buero 

ਸੁਨਾਮ, ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਬਲਾਕ ਸੰਮਤੀ ਸੁਨਾਮ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਵਿਰਕ ਸੋਨੀ ਨੇ ਅੱਜ ਆਪਣੇ ਅਹੁਦਿਆਂ ਦਾ ਰਸਮੀ ਤੌਰ ‘ਤੇ ਕਾਰਜਭਾਰ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬਲਾਕ ਸੰਮਤੀ ਦੇ ਨਵੇਂ ਅਹੁਦੇਦਾਰਾਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਣਗੇ। ਉਨ੍ਹਾਂ ਆਖਿਆ ਕਿ ਜਿੰਨਾ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਿਛਲੇ 04 ਸਾਲਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ, ਓਨਾ ਵਿਕਾਸ ਪਿਛਲੇ 70 ਸਾਲਾਂ ਵਿੱਚ ਵੀ ਨਹੀਂ ਹੋਇਆ। ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਵਿੱਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ, ਜਿਸ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ ‘ਤੇ ਭਰੋਸਾ ਜਤਾਇਆ ਹੈ ਅਤੇ ਇਹ ਜ਼ਿੰਮੇਵਾਰੀ ਹੁਣ ਹੋਰ ਵੱਧ ਨਿਭਾਉਣ ਦੀ ਲੋੜ ਹੈ। ਉਨ੍ਹਾਂ ਨਵੇਂ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ ਹਿੱਤ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਨਵੇਂ ਚੇਅਰਪਰਸਨ ਪਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਵਿਰਕ ਸੋਨੀ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਇਸ ਮੌਕੇ ਸਰਪੰਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ, ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਮਨਪ੍ਰੀਤ ਬਾਂਸਲ, ਅਮਰੀਕ ਸਿੰਘ ਧਾਲੀਵਾਲ ਸਮੇਤ ਹੋਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *