** ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਉਦਘਾਟਨ
** ਕਿਹਾ ਟਰੈਫਿਕ ਸੁਧਾਰ ਵਿਚ ਹੋਵੇਗਾ ਸਹਾਈ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੇ ਮਾਤਾ ਮਹਿੰਦਰ ਕੌਰ ਦੀ ਯਾਦ ਵਿੱਚ ਨਵੇਂ ਉਸਾਰੇ ਗਏ ਚੌਕ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ।
ਬੁੱਧਵਾਰ ਦੇਰ ਸ਼ਾਮ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਕੂਲ ਆਫ ਐਮੀਨੈਂਸ (ਲੜਕੇ) ਨੇੜੇ ਚੌਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਚੌਕ ਨਾ ਸਿਰਫ਼ ਟਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ, ਸਗੋਂ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਜਖੇਪਲ, ਬਖ਼ਸੀਵਾਲਾ ਅਤੇ ਸੁਨਾਮ ਨੂੰ ਜੋੜਨ ਵਾਲੀ ਇਹ ਮਹੱਤਵਪੂਰਨ ਸੜਕ ‘ਤੇ ਬਣਿਆ ਚੌਕ ਲੋਕਾਂ ਨੂੰ ਆਵਾਜਾਈ ਦੌਰਾਨ ਆ ਰਹੀਆਂ ਦਿੱਕਤਾਂ ਤੋਂ ਰਾਹਤ ਪ੍ਰਦਾਨ ਕਰੇਗਾ।
ਉਨ੍ਹਾਂ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ ਹਨ।
ਪੰਜਾਬ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਰਾਹੀਂ ਰਾਜ ਦੇ ਹਰ ਖੇਤਰ ਵਿੱਚ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਹਰਪਾਲ ਸਿੰਘ, ਰਣਬੀਰ ਸਿੰਘ ਰਾਣਾ, ਰਿੰਪੀ ਥਿੰਦ, ਮਨਪ੍ਰੀਤ ਬਾਂਸਲ, ਹਰਮੇਸ਼ ਸਿੰਘ ਪੱਪੀ, ਜੋਗਿੰਦਰ ਸਿੰਘ, ਮਨਪ੍ਰੀਤ ਸਿੰਘ ਮਨੀ, ਰਵੀ ਕਮਲ ਗੋਇਲ, ਪ੍ਰਿਤਪਾਲ ਸਿੰਘ ਕਾਲਾ ਸਮੇਤ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।