ਮਾਲੇਰਕੋਟਲਾ 17 ਜੂਨ Bol Punjab De, Buero ,
ਆਮ ਦੁੱਧ ਖਪਤਕਾਰਾਂ ਨੂੰ ਸਾਫ਼-ਸੁਥਰਾ ਅਤੇ ਸ਼ੁੱਧ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮੁਫ਼ਤ ਜਾਂਚ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਉਪਰਾਲਾ ਕੈਬਨਿਟ ਮੰਤਰੀ, ਪਸ਼ੂ ਪਾਲਣ,ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਰਹਿਨੁਮਾਈ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ, ਪੰਜਾਬ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮਾਲੇਰਕੋਟਲਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੇ ਦਫ਼ਤਰ ਵਿੱਚ ਹਰ ਰੋਜ਼ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਦੁੱਧ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰ ਆਪਣੇ ਵਰਤੋਂ ਵਾਲੇ ਤਾਜ਼ੇ ਦੁੱਧ ਦਾ ਘੱਟੋ-ਘੱਟ 100 ਮਿਲੀਲੀਟਰ ਨਮੂਨਾ ਜਾਂਚ ਲਈ ਲੈ ਕੇ ਆ ਸਕਦੇ ਹਨ। ਜਾਂਚ ਦੌਰਾਨ ਦੁੱਧ ਵਿੱਚ ਵਾਧੂ ਪਾਣੀ ਦੀ ਮਾਤਰਾ ਅਤੇ ਮਿਲਾਵਟੀ ਤੱਤਾਂ ਜਿਵੇਂ ਯੂਰੀਆ, ਸਟਾਰਚ, ਕਾਸਟਿਕ ਸੋਡਾ ਆਦਿ ਦੀ ਮੌਜੂਦਗੀ ਦੀ ਜਾਂਚ ਕੀਤੀ ਜਾਂਦੀ ਹੈ। ਡਿਪਟੀ ਡਾਇਰੈਕਟਰ ਨੇ ਜ਼ਿਲ੍ਹੇ ਦੇ ਸਮੂਹ ਦੁੱਧ ਖਪਤਕਾਰਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਤਾਂ ਜੋ ਸ਼ੁੱਧ ਅਤੇ ਗੁਣਵੱਤਾ ਭਰਪੂਰ ਦੁੱਧ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ।
ਵਧੇਰੇ ਜਾਣਕਾਰੀ ਲਈ ਡੇਅਰੀ ਵਿਕਾਸ ਵਿਭਾਗ ਦੇ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ, ਮਾਲੇਰਕੋਟਲਾ ਵਿਖੇ ਜਾਂ ਹਰਮੇਸ਼ ਸਿੰਘ ਗਿੱਲ, ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-1 ਨਾਲ ਮੋਬਾਈਲ ਨੰਬਰ 98788-60929 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।