Headlines

ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮਕੈਨਿਜ਼ਮ ਦੀ ਮਹੀਨੇਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀਆਂ  ਗਤੀਵਿਧੀਆਂ ਦਾ ਲਿਆ ਜਾਇਜ਼ਾ, ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ

·         ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਆਪਕ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ- ਵਿਰਾਜ ਐਸ. ਤਿੜਕੇ

ਮਾਲੇਰਕੋਟਲਾ, 19 ਜੂਨ Bol Punjab De, Buero

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਅੱਜ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮਕੈਨਿਜ਼ਮ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਲੇਰਕੋਟਲਾ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਵਿਆਪਕ ਜਾਗਰੂਕਤਾ ਅਭਿਆਨ ਦੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਦੀ ਪ੍ਰਾਪਤੀ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਾਂਝੇ ਯਤਨਾਂ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਤਿਆਰ ਕੀਤੀ ਜਾਣ ਵਾਲੀ ਕਾਰਜ ਯੋਜਨਾ ਵਿੱਚ ਰੋਕਥਾਮ, ਜਾਗਰੂਕਤਾ ਅਤੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਦੇ ਮੁੜ ਵਸੇਬੇ ਦੇ ਸਾਰੇ ਪਹਿਲੂਆਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਇਸ ਸਮਾਜਿਕ ਬੁਰਾਈ ਨਾਲ ਹਰ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਵਿਦਿਆਕ ਸੰਸਥਾਵਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਹਦਾਇਤ ਕੀਤੀ ਕਿ ਗਰਮੀਆਂ ਦੀਆਂ ਛੁੱਟੀਆਂ ਉਪਰੰਤ ਸਕੂਲਾਂ ਅਤੇ ਕਾਲਜਾਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲਕੇ ਜਾਣ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੈਮੀਨਾਰ, ਵਰਕਸ਼ਾਪਾਂ ਅਤੇ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਕਾਰਵਾਈਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਮੁਕਤ ਮਾਲੇਰਕੋਟਲਾ ਦੇ ਟੀਚੇ ਦੀ ਪ੍ਰਾਪਤੀ ਲਈ ਸਾਰੇ ਵਿਭਾਗ ਇਕਜੁੱਟ ਹੋ ਕੇ ਮਿਸ਼ਨ ਮੋਡ ਵਿੱਚ ਕੰਮ ਕਰਨ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਜੋੜਿਆ ਜਾਵੇ।

ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ (ਐਨ.ਡੀ.ਪੀ.ਐਸ.) ਯਾਦਵਿੰਦਰ ਸਿੰਘ, ਮਾਨਸਿਕ ਰੋਗਾਂ ਦੇ ਮਾਹਿਰ ਡਾ. ਅਸ਼ੋਕ, ਖੇਤੀਬਾੜੀ ਵਿਕਾਸ ਅਫ਼ਸਰ ਲਾਜਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਜ਼ਿਲਾ ਡਰੱਗ ਇੰਸਪੈਕਟਰ, ਆਬਕਾਰੀ ਅਫਸਰ ਲਖਮੀਰ ਚੰਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।

Leave a Reply

Your email address will not be published. Required fields are marked *