Bol Punjab De,Buero
ਬਰਨਾਲਾ ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਲਕੇ ਹੋਣ ਵਾਲੀ ਵੋਟਿੰਗ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੋਲਿੰਗ ਪਾਰਟੀਆਂ ਨੂੰ ਆਪਣੇ-ਆਪਣੇ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਦੇ ਨਾਲ ਨਾਲ ਚੋਣ ਅਮਲੇ ਦੀ ਤਾਇਨਾਤੀ ਵੀ ਕਰ ਦਿੱਤੀ ਗਈ ਹੈ।
ਬਰਨਾਲਾ ਨਗਰ ਨਿਗਮ ਦੇ ਕੁੱਲ 50 ਵਾਰਡਾਂ ਵਿੱਚੋਂ 48 ਵਾਰਡਾਂ ਵਿੱਚ 26 ਮਈ ਨੂੰ ਵੋਟਿੰਗ ਹੋਵੇਗੀ। ਕੁਝ ਵਾਰਡਾਂ ਵਿੱਚ ਉਮੀਦਵਾਰਾਂ ਦੇ ਬਿਨਾਂ ਮੁਕਾਬਲਾ ਚੁਣੇ ਜਾਣ ਕਾਰਨ ਉਥੇ ਚੋਣ ਨਹੀਂ ਹੋ ਰਹੀ। ਚੋਣ ਮੈਦਾਨ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਿਚਾਲੇ ਸਖ਼ਤ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ।
ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ’ਤੇ ਵਾਧੂ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲੀਸ ਪ੍ਰਸ਼ਾਸਨ ਵੱਲੋਂ ਫਲੈਗ ਮਾਰਚ ਅਤੇ ਨਾਕਾਬੰਦੀ ਰਾਹੀਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਤਿਆਰੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਰੋਕਿਆ ਜਾ ਸਕੇ।
ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਹਰ ਬੂਥ ’ਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵੋਟਿੰਗ ਦੌਰਾਨ ਸੁਰੱਖਿਆ ਦੇ ਪੂਰੇ ਪ੍ਰਬੰਧ ਰਹਿਣਗੇ।
ਪੰਜਾਬ ਭਰ ਵਿੱਚ ਹੋ ਰਹੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਸਿਆਸੀ ਸੈਮੀਫਾਈਨਲ ਵਜੋਂ ਵੀ ਦੇਖਿਆ ਜਾ ਰਿਹਾ ਹੈ। ਬਰਨਾਲਾ ਵਿੱਚ ਵੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵੱਲੋਂ ਪੂਰੀ ਤਾਕਤ ਨਾਲ ਚੋਣ ਪ੍ਰਚਾਰ ਕੀਤਾ ਗਿਆ।
ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ, ਜਿਸ ਤੋਂ ਬਾਅਦ ਬਰਨਾਲਾ ਨਗਰ ਨਿਗਮ ਦੀ ਨਵੀਂ ਤਸਵੀਰ ਸਾਫ ਹੋ ਜਾਵੇਗੀ।