ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਕਿਸਾਨਾਂ ਨਾਲ ਸਬੰਧਿਤ ਮਸਲਿਆਂ ਨੂੰ ਲੈਕੇ ਕਿਸਾਨ ਜਥੇਬੰਦੀਆਂ 2 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਸਾਹਮਣੇ ਇੱਕ ਰੋਜ਼ਾ ਧਰਨਾ ਦੇਕੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਘੇਰਨਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸਨਾਮ ਦੀ ਪਿੰਡ ਉਗਰਾਹਾਂ ਦੇ ਡੇਰਾ ਟੀਕਮ ਦਾਸ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਹੋਈ ਮੀਟਿੰਗ ਨੂੰ ਸੰਬੋਧਨ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਆਖਿਆ ਕਿ ਸੂਬੇ ਅੰਦਰ ਯੂਰੀਆ ਅਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਡੀਜ਼ਲ ਅਤੇ ਪੈਟਰੋਲ ਦੇ ਵਧੇ ਭਾਅ ਵਾਪਸ ਕਰਵਾਉਣ ਲਈ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 2 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਸਾਹਮਣੇ ਧਰਨਾ ਦੇਣਗੇ। ਉਨ੍ਹਾਂ ਦੱਸਿਆ ਕਿ ਬੈਂਕਾਂ ਵੱਲੋਂ ਕਿਸਾਨਾਂ ਨੂੰ ਵੇਚੀ ਫ਼ਸਲ ਦੇ ਪੈਸੇ ਦੇਣ ਵਿੱਚ ਆਨਾਕਾਨੀ ਕੀਤੀ ਜਾ ਰਹੀ ਹੈ। ਝੋਨੇ ਦੇ ਭਾਅ ਵਿੱਚ ਕੀਤਾ ਨਿਗੂਣਾ ਵਾਧਾ ਖੇਤੀ ਲਾਗਤ ਖਰਚਿਆਂ ਦੇ ਅਨੂਕੂਲ ਨਾ ਦੇਣਾ ਕਿਸਾਨੀ ਨੂੰ ਹੋਰ ਕਰਜ਼ਾਈ ਕਰੇਗਾ। ਕਿਸਾਨਾਂ ਮਜ਼ਦੂਰਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕਰਨ ਦੀ ਮੰਗ ਤੋਂ ਇਲਾਵਾ 58 ਸਾਲਾਂ ਤੋਂ ਉਪਰ ਬੁਢਾਪਾ ਪੈਨਸ਼ਨ 10 ਹਜਾਰ ਰੁਪਏ ਦੇਣ ਦੀ ਮੰਗ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਬੀਜ ਬਿਲ ਅਤੇ ਬਿਜਲੀ ਸੋਧ ਬਿਲ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਆਖਿਆ ਕਿ 2 ਜੂਨ ਦੇ ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਪਿੰਡਾਂ ਵਿੱਚ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ।ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ, ਪਾਲ ਸਿੰਘ ਦੌਲੇ ਵਾਲਾ, ਯਾਦਵਿੰਦਰ ਸਿੰਘ ਚੱਠੇ ਨਕਟੇ,ਜੀਤ ਸਿੰਘ ਗੰਢੂਆਂ, ਗੁਰਤੇਜ ਸਿੰਘ ਮੈਦੇਵਾਸ, ਬਲਜੀਤ ਸਿੰਘ ਮਾਡਲ ਟਾਊਨ ਆਦਿ ਆਗੂ ਹਾਜਰ ਸਨ।