** ਨਿਯਮ ਛਿੱਕੇ ਟੰਗਕੇ ਪੋਲਿੰਗ ਸਟੇਸ਼ਨ ਕੰਪਲੈਕਸ ਅੰਦਰ ਜਾਣ ਦੇ ਲਾਏ ਦੋਸ਼
** ਕਿਹਾ ਚੋਣ ਕਮਿਸ਼ਨ ਨੇ ਕਾਰਵਾਈ ਨਾ ਕੀਤੀ ਤਾਂ ਜਾਵਾਂਗੇ ਹਾਈਕੋਰਟ
** ਅਮਨ ਅਰੋੜਾ ਰਵਨੀਤ ਬਿੱਟੂ ਦੇ ਦੋਸ਼ਾਂ ‘ਦਾ ਦੇਵੇ ਜਵਾਬ
— ਸਵਰਗੀ ਅਰੋੜਾ ਦੀ ਖੁਦਕੁਸ਼ੀ ਸਬੰਧੀ ਬਾਰੀਕੀ ਨਾਲ ਜਾਂਚ ਹੋਵੇ ਤਾਂ ਹੋਣਗੇ ਕਈ ਖੁਲਾਸੇ
ਦਰਸ਼ਨ ਸਿੰਘ ਚੌਹਾਨ, Bol Punjab De, Buero
ਸੁਨਾਮ — ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਖਿਲਾਫ ਰਾਜ ਚੋਣ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਕੇ ਚੋਣ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਨਗਰ ਕੌਂਸਲ ਚੋਣਾਂ ਦੇ ਦਿਨ ਸੁਨਾਮ ਸ਼ਹਿਰ ਤੋਂ ਬਾਹਰਲਾ ਵਿਅਕਤੀ (ਗੈਰ ਵੋਟਰ ) ਕਿਸ ਹੈਸੀਅਤ ਵਿੱਚ ਪੋਲਿੰਗ ਸਟੇਸ਼ਨ ਕੰਪਲੈਕਸ ਦੇ ਅੰਦਰ ਦਾਖਲ ਹੋਇਆ ? ਵੀਰਵਾਰ ਨੂੰ ਸੁਨਾਮ ਵਿਖੇ ਆਪਣੀ ਰਿਹਾਇਸ਼ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਨਗਰ ਕੌਂਸਲ ਚੋਣਾਂ ਦੇ ਦਿਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਇੱਕ ਨਿੱਜੀ ਸਹਾਇਕ ਨੇ ਨਿਯਮਾਂ ਨੂੰ ਛਿੱਕੇ ਟੰਗਕੇ ਪੋਲਿੰਗ ਬੂਥ ਕੰਪਲੈਕਸ ਦੇ ਅੰਦਰ ਪ੍ਰਵੇਸ਼ ਕੀਤਾ, ਜੋ ਕਿ ਚੋਣ ਜ਼ਾਬਤੇ ਅਤੇ ਸੁਰੱਖਿਆ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸਖ਼ਤ ਰੁਖ ਅਖਤਿਆਰ ਕਰਦਿਆਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਅਤੇ ਸਬੰਧਿਤ ਅਧਿਕਾਰੀਆਂ ਨੇ ਇਸ ਸ਼ਿਕਾਇਤ ‘ਤੇ ਤੁਰੰਤ ਕੋਈ ਠੋਸ ਕਾਰਵਾਈ ਨਾ ਕੀਤੀ, ਤਾਂ ਇਨਸਾਫ਼ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਪਿੱਛੇ ਨਹੀਂ ਹਟਾਂਗੇ। ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਕਥਿਤ ਦੋਸ਼ਾਂ ਦਾ ਜਵਾਬ ਦਿੰਦਿਆਂ ਆਖਿਆ ਕਿ ਸਾਬਕਾ ਮੰਤਰੀ ਮਰਹੂਮ ਬਾਬੂ ਭਗਵਾਨ ਦਾਸ ਅਰੋੜਾ ਆਪਣੀ ਜ਼ਿੰਦਗੀ ਦੇ ਆਖਰੀ ਸਮੇਂ ਵਿੱਚ ਡਿਪਰੈਸ਼ਨ (ਮਾਨਸਿਕ ਤਣਾਅ)ਦੇ ਦੌਰ ਵਿੱਚੋਂ ਗੁਜ਼ਰ ਰਹੇ ਸਨ। ਉਨ੍ਹਾਂ ਆਖਿਆ ਕਿ ਜੇਕਰ ਇਸ ਸੰਵੇਦਨਸ਼ੀਲ ਮਾਮਲੇ ਦੀ ਬਾਰੀਕੀ ਨਾਲ ਨਿਰਪੱਖ ਜਾਂਚ ਕਰਵਾਈ ਜਾਂਦੀ ਹੈ, ਤਾਂ ਕਈ ਅਜਿਹੇ ਹੈਰਾਨ ਕਰਨ ਵਾਲੇ ਖੁਲਾਸੇ ਸਾਹਮਣੇ ਆਉਣਗੇ ਜਿਹੜੇ ਕਈ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਸਕਦੇ ਹਨ, ਉਂਜ ਉਨ੍ਹਾਂ ਆਖਿਆ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਖੁਦਕੁਸ਼ੀ ਸਬੰਧੀ ਕਥਿਤ ਤੌਰ ਤੇ ਲਗਾਏ ਗਏ ਗੰਭੀਰ ਦੋਸ਼ਾਂ ਦਾ ਜਵਾਬ ਕੈਬਨਿਟ ਮੰਤਰੀ ਅਮਨ ਅਰੋੜਾ ਦੇਕੇ ਸਥਿਤੀ ਨੂੰ ਸਪੱਸ਼ਟ ਕਰਨ ਨਹੀਂ ਤਾਂ ਫਿਰ ਸਮਾਂ ਆਉਣ ਤੇ ਸਾਰੇ ਹਾਲਾਤਾਂ ਨੂੰ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ।