ਮਾਲੇਰਕੋਟਲਾ, 30 ਮਾਰਚ Bol Punjab De,Buero:

ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਅਭਿਆਨ, ਕਮਿਊਨਿਟੀ ਬੇਸਡ ਇਵੈਂਟਸ (CBE), ਗੋਦ ਭਰਾਈ ਅਤੇ ਅੰਨਪੂਰਣਾ ਦਿਵਸ ਮਨਾਇਆ ਗਿਆ।

ਇਸੇ ਤਹਿਤ ਪਿੰਡ ਕੇਲੋਂ, ਮੁਬਾਰਿਕਪੁਰ, ਬਾਠਾਂ, ਢਢੋਗਲ, ਝੱਲ, ਸੰਗਾਲਾ, ਰੁਸਤਮਗੜ੍ਹ, ਭੂਦਨ, ਅਬਦੁਲਾਪੁਰ, ਸ਼ੇਰਗੜ੍ਹ, ਸੁਲਤਾਨਪੁਰ ਅਤੇ ਹਕੀਮਪੁਰ ਦੇ ਆਂਗਣਵਾੜੀ ਸੈਂਟਰਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਪ੍ਰੋਗਰਾਮ ਦੌਰਾਨ ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ ਅਤੇ ਉਨ੍ਹਾਂ ਨੂੰ ਪੋਸ਼ਣ, ਸਿਹਤ ਸੰਭਾਲ ਅਤੇ ਸੰਤੁਲਿਤ ਆਹਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅੰਨਪੂਰਣਾ ਦਿਵਸ ਦੇ ਮੌਕੇ ਬੱਚਿਆਂ ਅਤੇ ਮਾਤਾਵਾਂ ਨੂੰ ਪੋਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਇਸ ਤੋਂ ਇਲਾਵਾ ਬੱਚਿਆਂ ਦੀ ਸਿਹਤ, ਤੰਦਰੁਸਤੀ ਅਤੇ ਸਮੂਹਿਕ ਵਿਕਾਸ ਲਈ ਸਹੀ ਖੁਰਾਕ ਅਤੇ ਸਫ਼ਾਈ ਦੇ ਮਾਪਦੰਡਾਂ ਉੱਤੇ ਵੀ ਖਾਸ ਜ਼ੋਰ ਦਿੱਤਾ ਗਿਆ। ਕਮਿਊਨਿਟੀ ਬੇਸਡ ਇਵੈਂਟਸ ਰਾਹੀਂ ਸਮੁਦਾਇਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਦੇ ਹੋਏ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ।
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਮਾਤਾ ਅਤੇ ਬੱਚੇ ਦੀ ਭਲਾਈ ਲਈ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਸਮਾਜ ਵਿੱਚ ਪੋਸ਼ਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।
